ਅੰਮ੍ਰਿਤਸਰ ‘ਚ ਬੀਤੇ ਐਤਵਾਰ ਨੂੰ ਹੈਰਿਟੇਜ ਸਟਰੀਟ ‘ਤੇ ਸਥਿਤ ਨੌਜਵਾਨ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪਰ ਇਹ ਮਾਮਲਾ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਇਸ ਮਾਮਲੇ ‘ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਨਾਲ ਨਿੰਦਾ ਕੀਤੀ ਹੈ।
ਇਸ ਮਾਮਲੇ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫੋਰਮ ‘ਐਕਸ’ ‘ਤੇ ਲਿਖਿਆ, “ਗਣਤੰਤਰ ਦਿਵਸ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ, ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਲਿਖਿਆ, “ ਮੈਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਪੂਰੀ ਜਾਂਚ ਦੀ ਮੰਗ ਕਰਦਾ ਹਾਂ, ਆਓ ਆਪਣੇ ਸਮਾਜ ਵਿਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਘਿਣਾਉਣੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ”।
ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਨੌਜਵਾਨ ਸ਼ਖਸ ਮੂਰਤੀ ‘ਤੇ ਪੌੜੀ ਲਗਾ ਕੇ ਚੜ੍ਹ ਰਿਹਾ ਹੈ ਅਤੇ ਉਪਰ ਜਾ ਕੇ ਹਥੌੜੇ ਨਾਲ ਮੂਰਤੀ ਭੰਨਣੀ ਸ਼ੁਰੂ ਕਰ ਦਿੰਦਾ ਹੈ। ਸ਼ਖਸ ਵੱਲੋਂ ਇਸ ਦੌਰਾਨ ਮੂਰਤੀ ‘ਤੇ 8-10 ਵਾਰੀ ਵਾਰ ਹਥੌੜਾ ਮਾਰ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ।