ਚੰਡੀਗੜ੍ਹ, 28 ਜਨਵਰੀ (ਹਿੰ. ਸ.)। ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਵੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਪਰ ਇਸ ਦਾ ਅਸਰ ਅੱਜ ਤੱਕ ਹੀ ਸੀਮਤ ਰਹਿਣ ਵਾਲਾ ਹੈ। 29 ਜਨਵਰੀ ਤੋਂ ਸਵੇਰ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 29 ਜਨਵਰੀ ਅਤੇ 1 ਜਨਵਰੀ ਨੂੰ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਰਹੀਆਂ ਹਨ। ਜਿਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ।ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਐਸ.ਏ.ਐਸ.ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਇਹ ਅਲਰਟ ਅੱਜ ਤੱਕ ਹੀ ਰਹੇਗਾ। 29 ਜਨਵਰੀ ਤੋਂ ਤਾਪਮਾਨ 3 ਡਿਗਰੀ ਵਧ ਸਕਦਾ ਹੈ ਅਤੇ ਲੋਕਾਂ ਨੂੰ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।29 ਜਨਵਰੀ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਹਿਮਾਚਲ ਦੇ ਪਹਾੜਾਂ ‘ਤੇ ਪਵੇਗਾ। ਇਸ ਦਾ ਹਲਕਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕੇਗਾ। ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ 30, 31 ਜਨਵਰੀ ਅਤੇ 1 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ