ਅੰਮ੍ਰਿਤਸਰ ਦੇ ਮੇਅਰ ਚੋਣ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਪਟੀਸ਼ਨ ਵਿਚਾਰਨਯੋਗ ਨਹੀਂ ਹੈ, ਤੁਸੀਂ ਇਲੈਕਸ਼ਨ ਟ੍ਰਿਬਿਊਨਲ ਸਾਹਮਣੇ ਚੋਣ ਪਟੀਸ਼ਨ ਦਾਇਰ ਕਰ ਸਕਦੇ ਹੋ।
ਦੱਸ ਦਈਏ ਕਿ ਇਹ ਪਟੀਸ਼ਨ ਕਾਂਗਰਸ ਦੇ ਵਿਕਾਸ ਸੋਨੀ ਨੇ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਨੇ ਸਦਨ ਵਿੱਚ ਸਭ ਤੋਂ ਵੱਧ 40 ਸੀਟਾਂ ਜਿੱਤੀਆਂ ਸਨ, ਪਰ ਇਸ ਦੇ ਬਾਵਜੂਦ ਸੱਤਾਧਾਰੀ ਪਾਰਟੀ ਨੇ ਬਿਨਾਂ ਕੋਈ ਚੋਣ ਕਰਵਾਏ ਮੇਅਰ ਦੀ ਚੋਣ ਕਰ ਲਈ। ਉਨ੍ਹਾਂ ਦੱਸਿਆ ਕਿ ਕਾਂਗਰਸੀ ਕੌਂਸਲਰਾਂ ਨੇ ਖਿਲਾਫ਼ ਆਵਾਜ਼ ਵੀ ਉਠਾਈ, ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਲਈ, ਹੁਣ ਇਹ ਚੋਣ ਰੱਦ ਕਰਦਿਆਂ ਕਿਸੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਇੱਕ ਨਵੀਂ ਚੋਣ ਕਰਵਾਈ ਜਾਵੇ। ਇਸ ਤੋਂ ਇਲਾਵਾ, 28 ਜਨਵਰੀ ਨੂੰ ਹੋਈਆਂ ਚੋਣਾਂ ਦੀ ਵੀਡੀਓਗ੍ਰਾਫੀ ਦੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ, ਉਸ ਦਿਨ ਦਾ ਪੂਰਾ ਰਿਕਾਰਡ ਹਾਈ ਕੋਰਟ ਦੇ ਸਾਹਮਣੇ ਪੇਸ਼ ਕਰਨ ਦਾ ਹੁਕਮ ਦੇਣ ਦੀ ਵੀ ਮੰਗ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਨਗਰ ਨਿਗਮ ਦੀ ਪਹਿਲੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮੇਅਰ ਐਲਾਨਿਆ ਗਿਆ। ਕੌਂਸਲਰ ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਨੂੰ ਡਿਪਟੀ ਮੇਅਰ ਐਲਾਨਿਆ ਗਿਆ। ਜਿਸ ਤੋਂ ਬਾਅਦ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਰਕਰਾਂ ਨੇ ਸੜਕ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ।