ਚੰਡੀਗੜ੍ਹ, 03 ਫਰਵਰੀ (ਹਿੰ. ਸ.)। ਮੁਹਾਲੀ ਦੇ ਸੈਕਟਰ 65 ’ਚ ਸਥਿਤ ਇਕ ਹੋਟਲ ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਕਿਸਾਨ ਯੂਨੀਅਨ (ਮਾਨਸਾ) ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ (ਤੋਤੇਵਾਲ) ਦੇ ਪ੍ਰਧਾਨ ਸੁੱਖ ਗਿੱਲ ਮੋਗਾ ਤੇ ਜੰਗਵੀਰ ਸਿੰਘ ਚੌਹਾਨ ਸਣੇ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।ਹਰਿੰਦਰ ਸਿੰਘ ਲੱਖੋਵਾਲ ਅਤੇ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਮੀਟਿੰਗ ਵਿੱਚ ‘ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਮੁੱਢੋਂ ਰੱਦ ਕਰਨ ਸਣੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ 5 ਮਾਰਚ ਨੂੰ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ’ਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਪੱਧਰ ’ਤੇ ਕਿਸਾਨਾਂ ਅਤੇ ਕਾਸ਼ਤਕਾਰਾਂ ਦੀ ਲਾਮਬੰਦੀ ਕੀਤੀ ਜਾਵੇਗੀ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ।ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੇ ਫ਼ੈਸਲੇ ਅਨੁਸਾਰ 9 ਫਰਵਰੀ ਨੂੰ ਪੰਜਾਬ ਭਰ ਵਿੱਚ ਸਾਰੇ ਲੋਕ ਸਭਾ ਮੈਂਬਰਾਂ ਅਤੇ ਰਾਜ ਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਆਵਾਜ਼ ਬਣ ਕੇ ਕੇਂਦਰ ’ਤੇ ਦਬਾਅ ਪਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ 15 ਫਰਵਰੀ ਕਿਸਾਨ ਭਵਨ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ।
ਹਿੰਦੂਸਥਾਨ ਸਮਾਚਾਰ