ਦਿੱਲੀ ਵਿਧਾਨਸਭਾ ਚੋਣਾਂ ‘ਚ ਕਰਾਰੀ ਹਾਰ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅੱਜ ਦਿੱਲੀ ‘ਚ ਮੀਟਿੰਗ ਸੱਦੀ ਹੈ। ਇਸ ਦੌਰਾਨ ਵੱਖ-ਵੱਖ ਵਿਧਾਇਕ ਮੀਟਿੰਗ ‘ਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਰਹੇ ਹਨ। ਜਿੱਥੇ ਅੱਜ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨਾਲ ਮੁਲਾਕਾਤ ਦੌਰਾਨ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਅਤੇ ਇਸ ਦੇ ਪ੍ਰਭਾਵ ਬਾਰੇ ਚਰਚਾ ਕਰਨਗੇ।
ਇਸ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਅੱਜ ਦਿੱਲੀ ਸੱਦਿਆ ਹੈ। ਮੇਰਾ ਵਿਚਾਰ ਹੈ ਕਿ ‘ਆਮ ਆਦਮੀ ਪਾਰਟੀ’ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਜ਼ਮੀਨ ਤਿਆਰ ਕਰ ਰਹੀ ਹੈ।
ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦਿਆਂ ਕਿਹਾ ਕਿ ਦਿੱਲੀ ‘ਚ ਸ਼ਰਮਨਾਕ ਹਾਰ ਮਿਲਣ ਤੋਂ ਬਾਅਦ ‘ਆਪ’ ਪੰਜਾਬ ‘ਚ ਬਚਾਅ ਮੋਡ ‘ਚ ਨਜ਼ਰ ਆ ਰਹੀ ਹੈ। ਝਾੜੂ ਪਾਰਟੀ ਨੇ ਸਰਹੱਦੀ ਸੂਬੇ ਵਿੱਚ ਆਪਣੇ ਵਿਨਾਸ਼ਕਾਰੀ ਭਵਿੱਖ ਦਾ ਅਨੁਮਾਨ ਲਾ ਲਿਆ ਹੈ। ਇਸ ਤੋਂ ਇਲਾਵਾ ਭਗਵੰਤ ਮਾਨ ਦੀ ਅਯੋਗ ਅਗਵਾਈ ਹੇਠ ਪੰਜਾਬ ਦੀ ਆਪ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ, ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਮੇਤ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।