ਚੰਡੀਗੜ੍ਹ, 12 ਫਰਵਰੀ (ਹਿੰ. ਸ.)। ਕਿਸਾਨ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਕਿਸਾਨਾ ਵੱਲੋਂ ਆਪਸੀ ਏਕਤਾ ਕਰਨ ਲਈ ਮੀਟਿੰਗ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫ਼ਦ ਵਿਚਕਾਰ ਲੰਬੀ ਵਿਚਾਰ ਚਰਚਾ ਹੋਈ। ਤਕਰੀਬਨ ਬਾਅਦ ਦੁਪਹਿਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਹੈ ਪਰ ਇਕਜੁੱਟਤਾ ਦਾ ਫੈਸਲਾ ਨਹੀਂ ਹੋ ਸਕਿਆ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅੱਜ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਇਆ। ਜਲਦ ਹੀ ਉਹਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਜਿਸ ਤੋਂ ਬਾਅਦ ਅਗਲੀ ਰਣਨੀਤੀ ਅਗਲੇ ਸੰਘਰਸ਼ ਦਾ ਐਲਾਨ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ।ਇਸ ਮੌਕੇ ਮੀਟਿੰਗ ਉਪਰੰਤ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਨੂੰ ਕਾਰਪੋਰੇਟਾਂ ਦੇ ਹੱਥਾਂ ’ਚ ਦੇ ਰਹੀ ਹੈ, ਜਿਸ ਕਰਕੇ ਉਹ ਪਿਛਲੇ ਲੰਬੇ ਸਮੇਂ ਤੋਂ ਬਾਰਡਰਾਂ ਉੱਤੇ ਅੰਦੋਲਨ ਕਰ ਰਹੇ ਹਨ। ਇਸ ਫੈਸਲੇ ਖਿਲਾਫ ਉਹ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਆਪਣੇ ਨਾਲ ਜੋੜਨਗੇ। ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਕੇਂਦਰੀ ਵਜ਼ੀਰਾਂ ਵੱਲੋਂ ਕਿਸਾਨਾਂ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਸੈਕਟਰ 26 ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ