ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਵਿਚਾਲੇ ਹੁਣ ਇਹ ਖ਼ਬਰ ਸਾਹਮਣੇ ਆਈ ਹੈ ਅਮਰੀਕਾ ‘ਚ 180 ਹੋਰ ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ।
ਸੂਤਰਾਂ ਮੁਤਾਬਕ, ਅਮਰੀਕੀ ਜਹਾਜ਼ 15 ਫ਼ਰਵਰੀ ਨੂੰ ਭਾਰਤੀਆਂ ਲੈ ਕੇ ਪਹੁੰਚ ਸਕਦਾ ਹੈ। ਪਹਿਲੀ ਫ਼ਲਾਈਟ ਦੀ ਤਰ੍ਹਾਂ ਹੀ ਇਸ ਫ਼ਲਾਈਟ ਨੂੰ ਵੀ ਅੰਮ੍ਰਿਤਸਰ ਏਅਰਪੋਰਟ ‘ਤੇ ਹੀ ਲੈਂਡ ਕਰਵਾਇਆ ਜਾਵੇਗਾ ਤੇ ਉੱਥੋਂ ਚੈਕਿੰਗ ਮਗਰੋਂ ਸਾਰਿਆਂ ਨੂੰ ਆਪੋ-ਆਪਣੇ ਸੂਬਿਆਂ ਵੱਲ ਭੇਜ ਦਿੱਤਾ ਜਾਵੇਗਾ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਚੋਣ ਦੌਰਾਨ ਡੋਨਾਲਡ ਟਰੰਪ ਨੇ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਦੇਸ਼ ਨਿਕਾਲੇ ਦਾ ਵਾਅਦਾ ਕੀਤਾ ਸੀ। ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਟੀਮ ਨੇ 15 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਸੂਚੀ ਜਾਰੀ ਕੀਤੀ। ਜਿਸ ਵਿੱਚ 18 ਹਜ਼ਾਰ ਗੈਰ-ਨਿਵਾਸੀ ਭਾਰਤੀ ਸਨ, ਜਿਸ ਤੋਂ ਬਾਅਦ 5 ਫ਼ਰਵਰੀ 2025 ਨੂੰ 30 ਪੰਜਾਬੀਆਂ ਸਣੇ 104 ਭਾਰਤੀਆਂ ਨੂੰ ਭਾਰਤ ਵਾਪਸ ਭੇਜਿਆ ਗਿਆ ਸੀ।
ਸੂਤਰਾਂ ਦੀ ਮੱਨਿਏ ਤਾਂ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ। ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਦੀ ਫ਼ਲਾਈਟ ਦਿੱਲੀ ਏਅਰਪੋਰਟ ਦੀ ਬਜਾਏ ਅੰਮ੍ਰਿਤਸਰ ਏਅਰਪੋਰਟ ‘ਤੇ ਹੀ ਲੈਂਡ ਕਰਵਾਉਣ ‘ਤੇ ਵੀ ਕਈ ਤਰ੍ਹਾਂ ਦੀ ਸਵਾਲ ਚੁੱਕੇ ਜਾ ਰਹੇ ਹਨ। ਦਸ ਦਇਏ ਕਿ ਪਹਿਲੀ ਫ਼ਲਾਈਟ ਵਿਚ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਹੱਥਾਂ ਵਿਚ ਹੱਥਕੜੀਆਂ ਤੇ ਪੈਰਾਂ ਵਿਚ ਬੇੜੀਆਂ ਪਾ ਕੇ ਭੇਜਿਆ ਗਿਆ ਸੀ, ਜਿਸ ਨੂੰ ਲੈ ਕੇ ਭਾਰਤ ਦੀ ਸੰਸਦ ਤੱਕ ਵੀ ਹੰਗਾਮਾ ਹੋ ਚੁੱਕਿਆ ਹੈ।
ਦੂਜੇ ਪਾਸੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੱਜ ਅਮਰੀਕਾ ਪਹੁੰਚੇ ਹਨ। ਉਨ੍ਹਾਂ ਵੱਲੋਂ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਦੌਰਾਨ ਦੋਹਾਂ ਲੀਡਰਾਂ ਵਿਚਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਡਿਪੋਰਟੇਸ਼ਨ ਦੇ ਮੁੱਦੇ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ ਜਾ ਸਕਦੀ ਹੈ। ਵਿਰੋਧੀ ਧਿਰ ਦੇ ਆਗੂਆਂ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਲਾਕਾਤ ਦੌਰਾਨ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਵਤੀਰੇ ਬਾਰੇ ਵੀ ਗੱਲਬਾਤ ਕਰਨ।