ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਭੁਪੇਸ਼ ਬਘੇਲ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਓਮ ਪ੍ਰਕਾਸ਼ ਸੋਨੀ ਆਦਿ ਆਗੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸ਼ਹਿਰ ’ਚ ਵੱਖ-ਵੱਖ ਥਾਵਾਂ ਤੇ ਕਾਂਗਰਸੀਆਂ ਵਲੋਂ ਸਵਾਗਤ ਕੀਤਾ ਗਿਆ।
ਗੁਰੂ ਘਰ ਵਿਖੇ ਨਤਮਸਤਕ ਹੋਣ ਸਮੇਂ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦਾ ਕਾਫਲਾ ਸ਼ਾਮਿਲ ਸੀ। ਇਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਆਪਣੇ ਗ੍ਰਹਿ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਰਸਤੇ ਵਿੱਚ ਥਾਂ-ਥਾਂ ਤੇ ਕਾਂਗਰਸੀ ਆਗੂਆਂ ਵੱਲੋਂ ਸਟੇਜ ਲਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਘੇਲ ਆਪਣੇ ਦੋ ਦਿਨਾਂ ਪੰਜਾਬ ਦੌਰੇ ’ਤੇ ਇਥੇ ਆਏ ਹਨ।