ਅੰਮ੍ਰਿਤਸਰ ਸਾਹਿਬ, 4 ਮਾਰਚ (ਹਿੰ. ਸ.)। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਭਰਤੀ ਕਮੇਟੀ ਅੱਜ ਮੰਗਲਵਾਰ (4 ਮਾਰਚ) ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗੀ। ਅਕਾਲੀ ਦਲ ਦੇ ਬਾਗੀ ਆਗੂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਨਲ ਦੇ ਸਾਰੇ ਪੰਜ ਮੈਂਬਰ ਹੁਕਮਾਂ ਦੀ ਪਾਲਣਾ ਕਰਨ ਲਈ ਇਕਮਤ ਹਨ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸਨ ਅਤੇ ਆਪਣੀ ਰਿਪੋਰਟ ਸੌਂਪੀ ਸੀ। ਜਿਸ ਤੋਂ ਬਾਅਦ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਸੀ ਕਿ ਉਹ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸਪੱਸ਼ਟ ਹਦਾਇਤਾਂ ਦਾ ਸਵਾਗਤ ਕਰਦੇ ਹਨ। ਅੱਜ 4 ਮਾਰਚ ਨੂੰ ਸਾਰੇ ਮੈਂਬਰ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਫਿਰ ਮੈਂਬਰਸ਼ਿਪ ਮੁਹਿੰਮ ਦੀ ਰਣਨੀਤੀ ਬਣਾਉਣਗੇ।
ਹਿੰਦੂਸਥਾਨ ਸਮਾਚਾਰ