ਪੰਜਾਬ ਭਰ ‘ਚ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ‘ਤੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਰੈਵੇਨਿਊ ਅਫ਼ਸਰਾਂ ਨੂੰ ਸ਼ਾਮ 5 ਵਜੇ ਤਕ ਡਿਊਟੀ ‘ਤੇ ਵਾਪਸ ਪਰਤਨ ਲਈ ਅਲਟੀਮੇਟਮ ਦੇ ਦਿੱਤਾ ਹੈ।
ਇਸ ਸਬੰਧੀ ਸਰਕਾਰ ਵੱਲੋਂ ਸਮੂਹ ਰੈਵੇਨਿਊ ਅਫ਼ਸਰਾਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਬਹੁਤ ਵਾਰ ਸਪਸ਼ਟ ਤੌਰ ‘ਤੇ ਕਿਹਾ ਜਾ ਚੁੱਕਿਆ ਹੈ ਕਿ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹੁਣ ਕੁਝ ਰੈਵੇਨਿਊ ਅਫ਼ਸਰ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ, ਪਰ ਸਰਕਾਰ ਵੱਲੋਂ ਇਸ ਤਰ੍ਹਾਂ ਕੀਤੀ ਜਾ ਰਹੀ ਬਲੈਕਮੇਲਿੰਗ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਹੜਤਾਲ ‘ਤੇ ਚੱਲ ਰਹੇ ਸਮੂਹ ਰੈਵੇਨਿਊ ਅਫ਼ਸਰਾਂ ਨੂੰ ਅੱਜ ਸ਼ਾਮ 5 ਵਜੇ ਤਕ ਡਿਊਟੀ ‘ਤੇ ਪਰਤਣ ਦੀ ਹਦਾਇਤ ਕੀਤੀ ਗਈ ਹੈ। ਜਿਹੜੇ ਅਫ਼ਸਰ 5 ਵਜੇ ਤਕ ਡਿਊਟੀ ‘ਤੇ ਨਹੀਂ ਪਰਤਦੇ, ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਵੇਗਾ।