ਪੰਜਾਬ ਪੁਲਿਸ ‘ਚੋਂ ਬਰਖਾਸਤ DSP ਬਲਵਿੰਦਰ ਸਿੰਘ ਸੇਖੋਂ ਬੀਤੇ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਪਾਰਟੀ ਇੰਚਾਰਜ ਵਿਜੇ ਰੂਪਾਣੀ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਲੁਧਿਆਣਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਹਾਜ਼ਰ ਸਨ।
ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ,” ਅੱਜ ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਦੇਸ਼ ਹਿੱਤ ਲਈ ਸਹੀ ਫੈਸਲੇ ਲੈ ਰਹੀ ਹੈ,ਬਾਕੀ ਪਾਰਟੀਆਂ ਸਿਰਫ ਆਪਣੀ ਰਾਜਨੀਤੀ ਚਮਕਾਉਣ ਵਿੱਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਭਾਜਪਾ ਪਰਿਵਾਰ ਦਾ ਹਿੱਸਾ ਬਣੇ ਹਨ।ਬਲਵਿੰਦਰ ਸਿੰਘ ਸੇਖੋਂ ਪਿਛਲੇ ਲੰਬੇ ਅਰਸੇ ਤੋਂ ਪੰਜਾਬ ਦੇ ਮੁੱਖ ਸਿਆਸੀ ਮੁੱਦਿਆਂ ’ਤੇ ਪ੍ਰਮੁੱਖਤਾ ਨਾਲ ਆਪਣੀ ਗੱਲ ਰੱਖਦੇ ਆ ਰਹੇ ਹਨ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਸੇਖੋਂ ਪਿਛਲੇ ਦਿਨਾਂ ਦੌਰਾਨ ਉੱਚ ਅਦਾਲਤ ਦੀ ਮਾਣਹਾਨੀ ਕੇਸ ਵਿਚ ਜੇਲ੍ਹ ਵੀ ਕੱਟ ਚੁੱਕੇ ਹਨ।
ਦੱਸ ਦਈਏ ਕਿ ਲੁਧਿਆਣਾ ਦੀ ਹਲਕਾ ਪੱਛਮੀ ਦੀ ਵਿਧਾਨ ਸਭਾ ਸੀਟ ‘ਤੇ ਜਲਦੀ ਹੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੌਰਾਨ ਹੁਣ ਭਾਜਪਾ ਨੇ ਅੱਜ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਚਰਚਾ ਹੈ ਕਿ ਜਲਦ ਹੀ ਬਲਵਿੰਦਰ ਸੇਖੋਂ ਨੂੰ ਹਲਕਾ ਪੱਛਮੀ ਤੋਂ ਭਾਜਪਾ ਵੱਲੋਂ ਟਿਕਟ ਦਿੱਤੀ ਜਾ ਸਕਦੀ ਹੈ।