ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪਠਾਨਕੋਟ GST ਦਫ਼ਤਰ ਪੁੱਜੇ। ਹਾਲਾਂਕਿ ਜਦੋਂ ਐਡਵੋਕੇਟ ਚੀਮਾ ਅਚਨਚੇਤ ਨਿਰੀਖਣ ਕਰਨ ਲਈ ਦਫ਼ਤਰ ਪੁੱਜੇ ਤਾਂ ਦਫ਼ਤਰ ‘ਚ ਕੀ ਮੁਲਾਜ਼ਮ ਗੈਰ ਹਾਜ਼ਰ ਪਾਏ ਗਏ। ਜਿਸ ਤੋਂ ਬਾਅਦ ਵਿੱਤ ਮੰਤਰੀ ਨੇ ਗ਼ੈਰ ਹਾਜ਼ਰ ਮੁਲਾਜ਼ਮਾਂ ਉਤੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ ਅਥੇ ਹਾਜ਼ਰੀ ਰਜਿਸਟਰ ਵੀ ਜ਼ਬਤ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਰਹੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡਿਊਟੀ ਤੋਂ ਕੁਤਾਹੀ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਦਾ ਸੁਫ਼ਨਾ ਹੈ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹਰ ਤਰ੍ਹਾਂ ਸੇਵਾਵਾਂ ਦਾ ਲੋਕਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੀ ਦੇਰੀ, ਖੱਜਲ-ਖੁਆਰੀ ਦੇ ਮਿਲੇ।
ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ‘ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗਾਂ ਚਲਦੀਆਂ ਰਹਿਣਗੀਆਂ ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵਧੀਆ ਸੁਵਿਧਾਵਾਂ ਉਪਲਬਧ ਹੋ ਸਕਣ।