Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸ਼ਾਮਲ ਹੋਏ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੁੜ ਪੈਂਡਿੰਗ ਕਰਨ ਦੇ ਨਾਲ-ਨਾਲ ਕਈ ਹੋਰ ਪੰਥਕ ਮਸਲਿਆਂ ਉੱਤੇ ਵੀ ਫੈਸਲੇ ਲਏ ਗਏ।
ਉਨ੍ਹਾਂ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ, ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ ਅਤੇ ਉਦੋਂ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ ਕਾਰਜਕਾਰੀ ਜਥੇਦਾਰ ਸੇਵਾਵਾਂ ਨਿਭਾਉਗੇ।