ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਗਿਆਨੀ ਰਘੁਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਹੈ, ਜਿਸ ਤੋਂ ਬਾਅਦ ਗਿਆਨੀ ਰਘੁਬੀਰ ਸਿੰਘ ਦੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ, “ਜਿੰਨਾ ਚਿਰ ਗੁਰੂ ਦਾ ਹੁਕਮ ਵਰਤਦਾ ਹੈ, ਉਨੀ ਦੇਰ ਹੀ ਸੇਵਾ ਕੀਤੀ ਜਾ ਸਕਦੀ ਹੈ”।
ਉਨ੍ਹਾਂ ਕਿਹਾ ਕਿ, “ਬੀਤੇ ਦਿਨ ਜੋ ਹੋਇਆ, ਮੈਂ ਉਹਦੇ ਵਿਚ ਰਾਜੀ ਤੇ ਖੁਸ਼ ਹਾਂ”। ਉਨ੍ਹਾਂ ਨੇ ਅੱਗੇ ਕਿਹਾ ਕਿ, “ਸ੍ਰੀ ਗੁਰੂ ਸਾਹਿਬ ਨੇ ਸਿਰ ‘ਤੇ ਮਿਹਰ ਭਰਿਆ ਹੱਥ ਰੱਖ ਕੇ ਤਖ਼ਤ ਸਾਹਿਬ ਦੀ, ਗੁਰੂ ਪੰਥ ਦੀ ਮਹਾਨ ਸੇਵਾ ਲਈ ਹੈ, ਜਿਸ ਦੇ ਲਈ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਕੇ ਆਇਆ ਹਾਂ ਕਿ ਕੀਤੀ ਸੇਵਾ ਪ੍ਰਵਾਨ ਕਰਨ ਅਤੇ ਅਰਦਾਸ ਕੀਤੀ ਹੈ ਕਿ ਹੋਈਆਂ ਭੁੱਲਾਂ ਦੀ ਖਿਮਾ ਬਖਸ਼ਣ”।
ਇੱਥੇ ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤਾ ਗਿਆ ਸੀ ਜਦਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਪਹਿਲਾਂ ਵਾਂਗ ਨਿਭਾ ਰਹੇ ਹਨ।