ਚੰਡੀਗੜ੍ਹ, 10 ਮਾਰਚ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੀਆਂ ਤਕਰੀਬਨ 6.47 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲੈ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸਕੀਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਨਵਰੀ 2025 ਤੱਕ 5555.94 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ 1086 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ ਜਨਵਰੀ 2025 ਤੱਕ 1042.63 ਕਰੋੜ ਰੁਪਏ ਖ਼ਰਚ ਕਰ ਲਏ ਗਏ ਹਨ।ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਚਲਾਈ ਜਾ ਰਹੀ ਸਕੀਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਹਰ ਯੋਗ ਲਾਭਪਾਤਰੀ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਿੱਥੇ ਔਰਤਾਂ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਉੱਥੇ ਹੀ ਦਿਵਿਆਂਗਜਨਾ ਅਤੇ ਆਸ਼ਰਿਤ ਬੱਚਿਆਂ ਨੂੰ ਵੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ