ਬਲੋਚ ਬਾਗ਼ੀਆਂ ਨੇ ਪਾਕਿਸਤਾਨ ਵਿੱਚ ਇੱਕ ਰੇਲਗੱਡੀ ਨੂੰ ਹਾਈਜੈਕ ਕਰ ਲਿਆ ਹੈ। ਬਲੋਚ ਲਿਬਰੇਸ਼ਨ ਆਰਮੀ ਨਾਮਕ ਇੱਕ ਸੰਗਠਨ ਦਾ ਦਾਅਵਾ ਹੈ ਕਿ ਉਸਨੇ ਬੋਲਾਰ ਵਿੱਚ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕਰ ਲਿਆ ਹੈ। ਇਸ ਰੇਲਗੱਡੀ ਵਿੱਚ 450 ਤੋਂ ਵੱਧ ਯਾਤਰੀ ਸਵਾਰ ਸਨ। ਬਲੋਚ ਲਿਬਰੇਸ਼ਨ ਆਰਮੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ 100 ਤੋਂ ਵੱਧ ਪਾਕਿਸਤਾਨੀ ਫੌਜ ਦੇ ਜਵਾਨਾਂ ਨੂੰ ਬੰਧਕ ਬਣਾਇਆ ਹੋਇਆ ਹੈ।
ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਗੱਡੀ ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਦੇ ਕੁਏਟਾ ਤੋਂ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਜਾ ਰਹੀ ਸੀ ਜਦੋਂ ਇਸ ‘ਤੇ ਗੋਲੀਬਾਰੀ ਕੀਤੀ ਗਈ। ਅਧਿਕਾਰੀਆਂ ਨੇ ਇਕ ਬਿਆਨ ‘ਚ ਦੱਸਿਆ ਕਿ ਇਕ ਅੱਤਵਾਦੀ ਵੱਖਵਾਦੀ ਗਰੁੱਪ ਬਲੂਚ ਲਿਬਰੇਸ਼ਨ ਆਰਮੀ (BLA) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਤੇ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਬਲਾਂ ਸਮੇਤ ਰੇਲਗੱਡੀ ਤੋਂ ਲੋਕਾਂ ਨੂੰ ਬੰਧਕ ਬਣਾ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਾਲੀ ਜਗ੍ਹਾ ਸੁਰੱਖਿਆ ਬਲਾਂ ਨੂੰ ਭੇਜਿਆ ਗਿਆ ਹੈ ਤੇ ਜਾਂਚ ਜਾਰੀ ਹੈ।
ਪਾਕਿਸਤਾਨੀ ਅਖਬਾਰ ‘ਡਾਅਨ’ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਕੁਏਟਾ ਤੋਂ ਪਿਸ਼ਾਵਰ ਜਾ ਰਹੀ ਜਾਫਰ ਐਕਸਪ੍ਰੈਸ ਟ੍ਰੇਨ ‘ਤੇ ਗੋਲੀਬਾਰੀ ਕੀਤੀ ਗਈ ਹੈ। ਰੇਲਵੇ ਕੰਟਰੋਲ ਮੁਹੰਮਦ ਕਾਸ਼ਿਫ ਨੇ ਦੱਸਿਆ ਕਿ ਇਸ ਟ੍ਰੇਨ ‘ਚ ਲਗਪਗ 450 ਤੋਂ ਵੱਧ ਯਾਤਰੀ ਸਵਾਰ ਸਨ। ਉਨ੍ਹਾਂ ਕਿਹਾ ਕਿ ਟ੍ਰੇਨ ਨੂੰ ਸੁਰੰਗ ਨੰਬਰ 8 ‘ਚ ਹਥਿਆਰਬੰਦ ਲੋਕਾਂ ਨੇ ਰੋਕ ਲਿਆ। ਯਾਤਰੀਆਂ ਅਤੇ ਮੁਲਾਜ਼ਮਾਂ ਨਾਲ ਸੰਪਰਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਘਟਨਾ ਸੂਬੇ ‘ਚ ਸੁਰੱਖਿਆ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਬਲੂਚਿਸਤਾਨ ‘ਚ ਅਕਸਰ ਵੱਖਵਾਦੀ ਹਮਲੇ ਹੁੰਦੇ ਰਹਿੰਦੇ ਹਨ, ਜੋ ਸੂਬੇ ਦੀ ਸਥਿਤੀ ਨੂੰ ਹੋਰ ਵੀ ਪੇਚੀਦਾ ਬਣਾ ਰਹੇ ਹਨ। ਇਸ ਹਮਲੇ ਨੇ ਸੂਬੇ ਵਿਚ ਸੁਰੱਖਿਆ ਪ੍ਰਬੰਧਾਂ ਦੀ ਕਮਜ਼ੋਰੀ ਨੂੰ ਬੇਨਕਾਬ ਕੀਤਾ ਹੈ।