ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦੇ ਇੱਕ ਮੰਦਰ ‘ਤੇ ਦੇਰ ਰਾਤ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਹਥਿਆਰਾਂ ਅਤੇ ਗ੍ਰਨੇਡਾਂ ਦੀ ਸਪਲਾਈ ਵਿੱਚ ਸ਼ਾਮਲ ਸਨ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 7 ਮਾਰਚ ਨੂੰ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੁਲਜ਼ਮਾਂ ਤੋਂ ਹੈਰੋਇਨ ਬਰਾਮਦ ਕੀਤੀ ਗਈ ਸੀ। ਜਾਂਚ ਦੌਰਾਨ, ਤਿੰਨ ਨੌਜਵਾਨਾਂ ਦੇ ਨਾਮ ਸਾਹਮਣੇ ਆਏ – ਕਰਨ, ਮੁਕੇਸ਼ ਅਤੇ ਸਾਜਨ। ਕਰਨ ਵੀਕੇਆਈ ਨਾਲ ਜੁੜਿਆ ਹੋਇਆ ਸੀ ਅਤੇ ਹਥਿਆਰਾਂ ਦੀ ਸਪਲਾਈ ਕਰਦਾ ਸੀ। ਅਸੀਂ ਕਰਨ ਦਾ ਪਿੱਛਾ ਕੀਤਾ ਅਤੇ ਬਿਹਾਰ ਦੇ ਮਧੇਪੁਰਾ ਪਹੁੰਚੇ ਅਤੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਸ ਮੁਤਾਬਕ ਪੁਲਸ ਮੁਲਜ਼ਮਾਂ ਨੂੰ ਬਿਹਾਰ ਤੋਂ ਲਿਆ ਰਹੀ ਹੈ। ਇਹ ਲੋਕ ਗ੍ਰਨੇਡ ਸਪਲਾਈ ਕਰ ਰਹੇ ਸਨ, ਉਨ੍ਹਾਂ ਦੇ ਲੁਕਣ ਦੇ ਟਿਕਾਣਿਆਂ ਬਾਰੇ ਵੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਹੋਈ ਹੈ, ਪੁਲਿਸ ਨੂੰ ਸ਼ੱਕ ਹੈ ਕਿ ਇਹ ਲੋਕ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਇਹ ਲੋਕ ਉਸ ਜਗ੍ਹਾ ਦੇ ਵਸਨੀਕ ਹਨ ਜਿੱਥੇ ਧਮਾਕਾ ਹੋਇਆ ਸੀ। ਭੁੱਲਰ ਨੇ ਕਿਹਾ ਕਿ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।