ਚੰਡੀਗੜ੍ਹ, 19 ਮਾਰਚ (ਹਿੰ. ਸ.)। ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ, ਬੁੱਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਹੋਵੇਗੀ। ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਣ ਵਾਲੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਅਤੇ ਅਧਿਕਾਰੀ ਹਾਜ਼ਰ ਹੋਣਗੇ।ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚਣਗੇ। ਇਸ ਤੋਂ ਪਹਿਲਾਂ ਕੇਂਦਰ ਅਤੇ ਕਿਸਾਨਾਂ ਦਰਮਿਆਨ 6 ਮੀਟਿੰਗਾਂ ਹੋ ਚੁੱਕੀਆਂ ਹਨ। ਪਿਛਲੀ 22 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ ਸੀ। ਉਦੋਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਸੀ ਕਿ ਕਿਸਾਨਾਂ ਨੇ ਕੁਝ ਡਾਟਾ ਦਿੱਤਾ ਹੈ, ਇਸ ਦਾ ਮੇਲ ਸਰਕਾਰੀ ਅੰਕੜਿਆਂ ਨਾਲ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ