ਚੰਡੀਗੜ੍ਹ, 24 ਮਾਰਚ (ਹਿੰ. ਸ.)। ਪੰਜਾਬ ਪੁਲਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਸਰਕਾਰ ਵੱਲੋਂ ਡੀਜੀਪੀ ਸਟੇਟਸ ਰਿਪੋਰਟ ਦਾਇਰ ਕੀਤੀ ਗਈ।
ਉੱਥੇ ਹੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਿਲਣ ਦੀ ਇਜ਼ਾਜਤ ਦਿੱਤੀ ਜਾਵੇ।
ਦਸ ਦਇਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ 21 ਮਾਰਚ ਨੂੰ ਪਟੀਸ਼ਨ ਦਾਇਰ ਕਰਕੇ ਕਿਸਾਨਾਂ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਿਆ ਸੀ। ਨਾਲ ਹੀ ਹਾਈਕੋਰਟ ਨੇ ਡੱਲੇਵਾਲ ਨੂੰ ਹਿਰਾਸਤ ’ਚ ਲਏ ਜਾਣਾ ਗੈਰ ਕਾਨੂੰਨੀ ਹੈ।
ਗੁਰਮੁਖ ਸਿੰਘ ਨੇ ਕਿਹਾ ਸੀ ਕਿ ਡੱਲੇਵਾਲ 117 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਨੂੰ ਕੈਂਸਰ ਵੀ ਹੈ। 19 ਮਾਰਚ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਸ ਹਿਰਾਸਤ ’ਚ ਨਹੀਂ ਹਨ। ਡੱਲੇਵਾਲ ਦੀ ਸਹਿਮਤੀ ਨਾਲ ਹੀ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਜਿਕਰਯੋਗ ਹੈ ਕਿ ਪੰਜਾਬ ਪੁਲਸ ਵੱਲੋਂ 400 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ 50 ਕਿਸਾਨਾਂ ਦੇ ਨਾਵਾਂ ਦੀ ਸੂਚੀ ਵੀ ਅਦਾਲਤ ਨੂੰ ਸੌਂਪੀ ਸੀ।
ਹਿੰਦੂਸਥਾਨ ਸਮਾਚਾਰ