Amritsar News: SGPC ਦੇ ਪ੍ਰਧਾਨ ਵੱਜੋਂ ਮੁੜ ਹਰਜਿੰਦਰ ਸਿੰਘ ਧਾਮੀ ਨੇ ਅਹੁਦਾ ਸੰਭਾਲ ਲਿਆ ਹੈ। ਇਹ ਅਹੁਦਾ ਉਨ੍ਹਾਂ ਨੇ ਬਜਟ ਇਜਲਾਸ ਤੋਂ ਪਹਿਲਾਂ ਸੰਭਲਿਆ ਹੈ। SGPC ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਮੁੜ ਤੋਂ ਆਪਣਾ ਕਾਰਜਭਾਰ ਸੰਭਾਲਿਆ ਹੈ। ਅੰਤ੍ਰਿੰਗ ਕਮੇਟੀ ਵਲੋਂ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਫ਼ੈਸਲਾ ਲਿਆ ਗਿਆ।
ਸੇਵਾਵਾਂ ਜਾਰੀ ਰੱਖਣ ਦੇ ਫੈਸਲੇ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੇ। SGPC ਦਫਤਰ ਵਿੱਚ ਅਹੁਦਾ ਸੰਭਾਲਣ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਦੱਸ ਦਈਏ ਜਲਦ ਹੀ SGPC ਦਾ ਬਜਟ ਇਜਲਾਸ ਪੇਸ਼ ਕੀਤਾ ਜਾਏਗਾ। ਇਹ ਬਜਟ ਪ੍ਰਧਾਨ ਦੀ ਹਾਜ਼ਰੀ ਦੇ ਵਿੱਚ ਹੀ ਪੇਸ਼ ਕੀਤਾ ਜਾਂਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ, ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ, ਲੇਕਿਨ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।