Punjab Crime: ਖੰਨਾ ਦੇ ਥਾਣਾ ਦੋਰਾਹਾ ਅਧੀਨ ਆਉਂਦੇ ਪਿੰਡ ਚਣਕੋਈਆਂ ਖੁਰਦ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਜਗਜੀਤ ਸਿੰਘ ਜੱਗੀ ਦੇ ਘਰ ਛਾਪਾ ਮਾਰਿਆ ਗਿਆ। ਇਸ ਛਾਪੇਮਾਰੀ ਦੌਰਾਨ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 20 ਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਅਤੇ ਅਮਰੀਕੀ ਡਾਲਰ ਬਰਾਮਦ ਕੀਤੇ ਗਏ ਹਨ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਨੇ ਪੁਲਸ ਦੀ ਇਸ ਕਾਰਵਾਈ ਵਿਰੁਧ ਰੋਸ ਪ੍ਰਗਟ ਕੀਤਾ ਅਤੇ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਦਸਿਆ।
ਇਸ ਦਾ ਜਵਾਬ ਦਿੰਦੇ ਹੋਏ ‘ਆਪ’ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਅਕਾਲੀ ਪੰਜਾਬ ਵਿਚ ਚਿੱਟਾ (ਹੈਰੋਇਨ) ਲੈ ਕੇ ਆਏ। ਜ਼ਿਕਰਯੋਗ ਹੈ ਕਿ ਕੁੱਝ ਸਾਲ ਪਹਿਲਾਂ ਇਸ ਇਲਾਕੇ ਤੋਂ ਕਰੋੜਾਂ ਰੁਪਏ ਦਾ ਡਰੱਗ ਰੈਕੇਟ ਚਲਾਉਣ ਵਾਲੇ ਗੁਰਦੀਪ ਸਿੰਘ ਰਾਣੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਜੇਲ ਵਿਚ ਹੈ।