ਮਾਲੇਰਕੋਟਲਾ, 31 ਮਾਰਚ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।