ਚੰਡੀਗੜ੍ਹ/ਤਰਨਤਾਰਨ, 31 ਮਾਰਚ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ।
ਪੁਲਸ ਮੁਤਾਬਕ ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ