Chandigarh News Harpal cheema
ਚੰਡੀਗੜ੍ਹ, 2 ਅਪ੍ਰੈਲ (ਹਿੰ. ਸ.)। ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ ਅਤੇ ਮਿਹਨਤੀ ਕਰਮਚਾਰੀਆਂ ਦੀ ਨਿਯੁਕਤੀ ਨਾਲ ਮਜ਼ਬੂਤ ਕਰਨ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜੋ ਪ੍ਰਭਾਵਸ਼ਾਲੀ ਮਾਲੀਆ ਉਗਰਾਹੀ ਅਤੇ ਪ੍ਰਬੰਧਨ ਵਿੱਚ ਸਹਾਈ ਹੋਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੁਜ਼ਗਾਰ ਸਿਰਜਣ ਅਤੇ ਕੁਸ਼ਲ ਮਾਲੀਆ ਪ੍ਰਬੰਧਨ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭਰਤੀ ਮੁਹਿੰਮ ਨਾ ਸਿਰਫ ਆਬਕਾਰੀ ਅਤੇ ਕਰ ਵਿਭਾਗ ਨੂੰ ਮਜ਼ਬੂਤ ਕਰਦੀ ਹੈ ਬਲਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸਿਰਜਣ, ਆਰਥਿਕ ਵਿਕਾਸ ਅਤੇ ਸਸ਼ਕਤੀਕਰਨ ‘ਤੇ ਜ਼ੋਰ ਦੇ ਕੇ ਪੰਜਾਬ ਸਰਕਾਰ ਸੂਬੇ ਭਰ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ