ਅੰਮ੍ਰਿਤਸਰ, 6 ਅਪ੍ਰੈਲ (ਹਿੰ. ਸ.) ਅੰਮ੍ਰਿਤਸਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, .30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਰਮਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ‘ਚੋਂ 2 ਲੱਖ 15 ਹਜ਼ਾਰ ਰੁਪਏ ਦੀ ਭਾਰੀ ਮਾਤਰਾ ‘ਚ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐਸ. ਆਈ. ਵਲੋਂ ਭੇਜੀ ਗਈ ਸੀ, ਜਿਸ ਦਾ ਉਦੇਸ਼ ਪੰਜਾਬ ਵਿੱਚ ਅਸ਼ਾਂਤੀ ਫੈਲਾਉਣਾ ਅਤੇ ਅੱਤਵਾਦੀ ਨੈੱਟਵਰਕ ਨੂੰ ਸਰਗਰਮ ਕਰਨਾ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਐਫ. ਆਈ. ਆਰ. ਦਰਜ ਕੀਤੀ ਗਈ ਹੈ। ਪੁਲਿਸ ਹੁਣ ਮੁਲਜ਼ਮ ਜਰਮਨ ਸਿੰਘ ਦੇ ਅਗਾਂਹ-ਪਿਛਾਂਹ ਲਿੰਕਾਂ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ