ਹਰਿਆਣਾ ਅਤੇ ਪੰਜਾਬ ਵਿਚਾਲੇ ਇੱਕ ਵਾਰ ਫਿਰ ਸ਼ੁਰੂ ਹੋਏ ਪਾਣੀ ਦੇ ਵਿਵਾਦ ਨੇ ਰਾਜਨੀਤਿਕ ਉਥਲ-ਪੁਥਲ ਨੂੰ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ, ਕੇਂਦਰ ਨੇ ਬੀਬੀਐਮਬੀ ਵਿੱਚ ਇੱਕ ਨਵੀਂ ਨਿਯੁਕਤੀ ਕੀਤੀ ਹੈ। ਇਸ ਦੌਰਾਨ, ਕੇਂਦਰ ਨੇ ਬੀਬੀਐਮਬੀ ਵਿੱਚ ਇੱਕ ਨਵੀਂ ਨਿਯੁਕਤੀ ਕੀਤੀ ਹੈ।
ਬਦਲਿਆ ਭਾਖੜਾ ਡੈਮ ਦਾ ਡਾਇਰੈਕਟਰ
ਸੰਜੀਵ ਕੁਮਾਰ ਨੂੰ ਭਾਖੜਾ ਡੈਮ ਦੇ ਡਾਇਰੈਕਟਰ ਇੰਜੀਨੀਅਰ ਆਕਾਸ਼ਦੀਪ ਸਿੰਘ ਦੀ ਥਾਂ ਨਿਯੁਕਤ ਕੀਤਾ ਗਿਆ ਹੈ। ਬੀਬੀਐਮਬੀ ਨੇ ਕੇਂਦਰੀ ਊਰਜਾ ਮੰਤਰਾਲੇ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਹਰਿਆਣਾ-ਪੰਜਾਬ ਜਲ ਵਿਵਾਦ ਦੇ ਮੁੱਦੇ ‘ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਬੁੱਧਵਾਰ ਸ਼ਾਮ ਨੂੰ ਇੱਕ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਹਰਿਆਣਾ ਨੂੰ 8,500 ਕਿਊਸਿਕ ਪਾਣੀ ਦਿੱਤਾ ਜਾਵੇਗਾ।
ਜਦੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਾਸਤੇ ਨਵੇਂ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਸੰਜੀਵ ਕੁਮਾਰ ਨੇ ਭਾਖੜਾ ਡੈਮ ਦੇ ਗੇਟ ਖੋਲ੍ਹਣ ਦੇ ਹੁਕਮ ਦਿੱਤੇ ਤਾਂ ਹੇਠਲੇ ਅਧਿਕਾਰੀ ਜੋ ਕਿ ਪੰਜਾਬ ਦੇ ਹਨ, ਡੈਮ ਦੇ ਗੇਟ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ। ਪਤਾ ਲੱਗਿਆ ਹੈ ਕਿ ਐਕਸੀਅਨ ਅਤੇ ਐੱਸਡੀਓ ਪੰਜਾਬ ਦੀ ਤਰਫ਼ੋਂ ਹਨ ਜਿਨ੍ਹਾਂ ਨੇ ਡਾਇਰੈਕਟਰ ਦੇ ਹੁਕਮਾਂ ਨੂੰ ਇੱਕ ਤਰੀਕੇ ਨਾਲ ਮੰਨਣ ਤੋਂ ਮਨਾ ਕਰ ਦਿੱਤਾ ਹੈ।
ਪੰਜਾਬ ਸੀਐੱਮ ਨੇ ਕੀ ਕਿਹਾ
ਸੂਤਰਾਂ ਅਨੁਸਾਰ ਬੀਬੀਐੱਮਬੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਹਰਿਆਣਾ ਨੂੰ ਹੋਰ ਪਾਣੀ ਛੱਡਣ ’ਤੇ ਸਖ਼ਤ ਇਤਰਾਜ਼ ਜਤਾਇਆ। ਬੀਬੀਐਮਬੀ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਵੀਰਵਾਰ ਨੂੰ ਹਰਿਆਣਾ ਨੂੰ 8,500 ਕਿਊਸਿਕ ਪਾਣੀ ਦੇਣ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ, ‘‘ਪੂਰਾ ਪੰਜਾਬ ਬੀਬੀਐੱਮਬੀ ਰਾਹੀਂ ਹਰਿਆਣਾ ਨੂੰ ਪਾਣੀ, ਜੋ ਕਿ ਪੰਜਾਬ ਅਤੇ ਪੰਜਾਬੀਆਂ ਦਾ ਹੱਕ ਹੈ, ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦੇ ਵਿਰੁੱਧ ਇੱਕਜੁੱਟ ਹੋ ਗਈ ਹੈ।’’
ਹਰਿਆਣਾ ਦੇ ਸੀਐੱਮ ਨੇ ਕੀ ਕਿਹਾ
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਧੂ ਪਾਣੀ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਨੂੰ ਸਿਆਸਤ ਤੋਂ ਉਪਰ ਉੱਠ ਕੇ ਮਾਨਵਤਾ ਦੇ ਹਿੱਤਾਂ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਵੰਡੀਆਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਸੈਣੀ ਨੇ ਕਿਹਾ ਕਿ ਅਪਰੈਲ ਤੋਂ ਜੂਨ ਤੱਕ ਦੇ ਮਹੀਨੇ ਦਰਮਿਆਨ ਹਮੇਸ਼ਾ ਹੀ ਹਰਿਆਣਾ ਨੂੰ 9000 ਕਿਊਸਿਕ ਤੱਕ ਪਾਣੀ ਮਿਲਦਾ ਰਿਹਾ ਹੈ ਅਤੇ ਇਤਿਹਾਸ ਵਿੱਚ ਕਦੇ ਵੀ ਪਾਣੀ ਰੋਕਿਆ ਨਹੀਂ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਹ ਪਾਣੀ ਲੋਕਾਂ ਦੇ ਪੀਣ ਲਈ ਲਿਆ ਹੈ। ਸੈਣੀ ਨੇ ਕਿਹਾ ਕਿ ਪੰਜਾਬ ਹਰਿਆਣਾ ਦਾ ਵੱਡਾ ਭਰਾ ਹੈ ਅਤੇ ਇਨਸਾਨੀਅਤ ਦੇ ਨਾਤੇ ਇਸ ਮਾਮਲੇ ਨੂੰ ਦੇਖਣਾ ਚਾਹੀਦਾ ਹੈ ਅਤੇ ਇਸ ’ਤੇ ਕੋਈ ਸਿਆਸਤ ਨਹੀਂ ਕਰਨੀ ਚਾਹੀਦੀ ਹੈ।
ਸੈਣੀ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੂੰ ਦਿੱਲੀ ਵਿੱਚ ਮਿਲੀ ਹਾਰ ਬਰਦਾਸ਼ਤ ਨਹੀਂ ਹੋ ਰਹੀ ਹੈ ਅਤੇ ਹੁਣ ਪੰਜਾਬ ਦੇ ਜ਼ਰੀਏ ਅਰਵਿੰਦ ਕੇਜਰੀਵਾਲ ਇਹ ਬਖੇੜਾ ਖੜ੍ਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਦੇ ਪਿੱਛੇ ਲੱਗਣ ਦੀ ਥਾਂ ਖ਼ੁਦ ਦੇ ਵਿਵੇਕ ਤੋਂ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੰਡੀਆਂ ਪਾਉਣ ਤੋਂ ਪੰਜਾਬ ਸਰਕਾਰ ਗੁਰੇਜ਼ ਕਰੇ।
ਹਰਿਆਣਾ ਕਾੰਗਰਸ ਨੇ ਕੀ ਕਿਹਾ
ਓਥੇ ਹਰਿਆਣਾ ਕਾਂਗਰਸ ਨੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਦਾ ਪਾਣੀ ਰੋਕਣ ਦਾ ਸਖ਼ਤ ਵਿਰੋਧ ਕੀਤਾ ਅਤੇ ਇਸਨੂੰ ਹਰਿਆਣਾ ਦਾ ਹੱਕ ਦੱਸਿਆ। ਹਰਿਆਣਾ ਕਾਂਗਰਸ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ। ਹਰਿਆਣਾ ਕਾਂਗਰਸ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਅਸਫਲਤਾ ਨੂੰ ਛੁਪਾਉਣ ਲਈ ਪਾਣੀ ਦਾ ਮੁੱਦਾ ਉਠਾ ਰਹੀ ਹੈ। ਉੱਥੋਂ ਦੀ ਸਰਕਾਰ ਫੇਲ੍ਹ ਹੋ ਗਈ ਹੈ ਅਤੇ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਨੂੰ ਬਦਲਣਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀਆਂ ਗੱਲਾਂ ਕਹਿੰਦੇ ਹਨ। ਭਾਖੜਾ ਦੇ ਪਾਣੀ ‘ਤੇ ਹਰਿਆਣਾ ਦਾ ਹੱਕ ਸੀ, ਉਸਦਾ ਹੱਕ ਹੈ ਅਤੇ ਭਵਿੱਖ ਵਿੱਚ ਵੀ ਰਹੇਗਾ। ਹਰਿਆਣਾ ਇਸ ਲਈ ਜ਼ੋਰਦਾਰ ਢੰਗ ਨਾਲ ਲੜੇਗਾ।
ਕੀ ਹੈ ਵਿਵਾਦ
ਦੱਸ ਦੇਈਏ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਹਰ ਸਾਲ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚਕਾਰ ਪਾਣੀ ਵੰਡਦਾ ਹੈ, ਜੋ ਕਿ ਅਗਲੇ ਸਾਲ 21 ਮਈ ਤੋਂ 20 ਮਈ ਤੱਕ ਪ੍ਰਭਾਵੀ ਰਹਿੰਦਾ ਹੈ। ਹਰਿਆਣਾ ਨੇ 31 ਮਾਰਚ ਤੱਕ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਲਈ ਹੈ। ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਕੋਲ ਲੋਕਾਂ ਲਈ ਪੀਣ ਵਾਲਾ ਪਾਣੀ ਵੀ ਨਹੀਂ ਹੈ।