ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਦਸਤਖਤ ਵਿਵਾਦ ਮਾਮਲੇ ਦੇ ਚੱਲਦਿਆਂ ਆਪਣਾ ਟਵਿੱਟਰ ਬਾਇਓ ਬਦਲ ਲਿਆ ਹੈ। ਹੁਣ ਉਨ੍ਹਾਂ ਦੇ ਟਵਿਟਰ ਹੈਂਡਲ ‘ਤੇ ਰਾਘਵ ਚੱਢਾ MP ਦੀ ਬਜਾਏ ‘ਮੁਅੱਤਲ MP’ ਲਿਖਿਆ ਆ ਰਿਹਾ ਹੈ। ਉਨ੍ਹਾਂ ਨੇ ਇਹ ਕਦਮ ਰਾਜ ਸਭਾ ਸਪੀਕਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਦਸਤਖਤ ਵਿਵਾਦ ਮਾਮਲੇ ‘ਤੇ ਵਿਸ਼ੇਸ਼ ਅਧਿਕਾਰ ਕਮੇਟੀ ਦਾ ਗਠਨ ਕਰਨ ਅਤੇ ਉਨ੍ਹਾਂ ਨੂੰ ਰਾਜ ਸਭਾ ਤੋਂ ਮੁਅੱਤਲ ਕਰਨ ਤੋਂ ਬਾਅਦ ਚੁੱਕਿਆ ਹੈ।
ਦੱਸ ਦਈਏ ਕਿ ਬੀਤੇ ਦਿਨ ਹੀ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਘਵ ਚੱਢਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਰਹਿਣਗੇ। ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਹਫ਼ਤੇ ਮੈਨੂੰ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਦੋ ਨੋਟਿਸ ਮਿਲੇ ਹਨ। ਵਿਰੋਧੀ ਧਿਰ ਨੂੰ ਸੰਸਦ ਵਿੱਚ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਭਾਜਪਾ ਮੇਰੇ ‘ਤੇ ਜਾਅਲੀ ਦਸਤਖਤ ਕਰਨ ਦਾ ਦੋਸ਼ ਲਗਾ ਰਹੀ ਹੈ।