ਹਾਲ ਹੀ ‘ਚ ਪੰਜਾਬ ਦੀ ਸੱਤਾ ‘ਤੇ ਕਾਬਿਜ ‘ਆਮ ਆਦਮੀ ਪਾਰਟੀ’ ਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਸੀ। ਜਿਸ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ‘ਤੇ ਸਰਕਾਰ ਤੋਂ ਜਵਾਬ ਮੰਗਿਆ ਸੀ। ਜਿਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਜਾਣਕਾਰੀ ਪੰਜਾਬ ਸਰਕਾਰ ਵਲੋਂ ਹਾਈਕੋਰਟ ਨੂੰ ਦੇ ਦਿੱਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਏਜੀ ਵੱਲੋਂ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਹੈ।
ਪਟੀਸ਼ਨਕਰਤਾਵਾਂ ਨੇ ਕਿਹਾ ਕਿ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ ਅਤੇ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਜਾਂ ਵਿਸ਼ੇਸ਼ ਸਕੱਤਰ ਨੂੰ ਗ੍ਰਾਮ ਪੰਚਾਇਤ ਦੇ ਸਾਰੇ ਕੰਮ ਕਰਨ ਅਤੇ ਸ਼ਕਤੀਆਂ ਦੀ ਵਰਤੋਂ ਕਰਨ ਅਤੇ ਪ੍ਰਸ਼ਾਸਕਾਂ ਦੀ ਨਿਯੁਕਤੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਕਰਨ ਅਤੇ ਪੰਚਾਇਤਾਂ ਨੂੰ ਭੰਗ ਕਰਨ ਦੀ ਸ਼ਕਤੀ ਦਾ ਮਤਲਬ ਇਹ ਨਹੀਂ ਹੈ ਕਿ ਸੰਵਿਧਾਨ ਦੁਆਰਾ ਨਿਰਧਾਰਤ ਕਾਰਜਕਾਲ ਘਟਾਇਆ ਜਾਵੇ।
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਸਰਕਾਰ ਨੇ 10 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਸੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਕਸੁੱਤੀ ਫਸ ਗਈ ਹੈ। ਦੱਸ ਦਈਏ ਕਿ ਪੰਚਾਇਤ ਭੰਗ ਕਰਨ ਦੇ ਫੈਸਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਪੁੱਛਿਆ ਕਿ ਸਮੇਂ ਤੋਂ ਪਹਿਲਾਂ ਪੰਚਾਇਤਾਂ ਭੰਗ ਕਰਨ ‘ਤੇ ਸਰਕਾਰ ਜਵਾਬ ਦੇਵੇ। ਪੰਜਾਬ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਲੋਕ ਹਿੱਤ ਵਿੱਚ ਲਿਆ ਗਿਆ ਹੈ। ਹਾਈ ਕੋਰਟ ਨੇ ਇਸ ‘ਤੇ ਪੁੱਛਿਆ ਕਿ ਪਹਿਲਾਂ ਦੱਸੋ ਕਿ ਜਨਹਿੱਤ ਕੀ ਹੈ।