ਜਦੋਂ ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕੀਤਾ ਹੈ। ਉਸ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਆਪਸੀ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਇਸੇ ਦੇ ਚਲਦੇ ਹੁਣ ਇੱਕ ਪਾਸੇ ਕੈਨੇਡਾ ਸਰਕਾਰ ਕੋਈ ਬਿਆਨ ਦੇ ਦਿੰਦੀ ਹੈ ਤੇ ਦੂਜੇ ਪਾਸੇ ਭਾਰਤੀ ਸਰਕਾਰ ਦਾ ਪਲਟਵਾਰ ਆ ਜਾਂਦਾ ਹੈ। ਕੈਨੇਡਾ ਦੇ ਬੇਤੁੱਕੇ ਇਲਜ਼ਾਮਾਂ ‘ਤੇ ਭਾਰਤ ਤਿੱਖੀ ਪ੍ਰਤੀਕ੍ਰਿਆ ਦੇ ਰਿਹਾ ਹੈ।
ਉਧਰ, ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਨੂੰ ਸਖਤ ਜਵਾਬ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਜਿਸ ਦੇ ਚੱਲਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ “ਜਿਸ ਤਰ੍ਹਾਂ ਪਾਕਿਸਤਾਨ ਪੰਜਾਬ ਨੂੰ ਨਿਸ਼ਾਨਾ ਬਣਾਉਣ ਲਈ ਨਸ਼ਿਆਂ ਦੀ ਵਰਤੋਂ ਕਰ ਰਿਹਾ ਹੈ, ਉਸੇ ਤਰ੍ਹਾਂ ਕੈਨੇਡਾ ਸਾਡੇ ਦੇਸ਼ ਦੀ ਸ਼ਾਂਤੀ ਨੂੰ ਅਸਥਿਰ ਕਰਨ ਦੀ ਕੋਸ਼ਿਸ ਕਰ ਰਹੇ ਅਨਸਰਾਂ ਨੂੰ ਪਨਾਹ ਦਿੰਦਾ ਹੈ। ਇਸ ਦੇ ਬਾਵਜੂਦ ਉਨ੍ਹਾਂ ਵਿਚ ਭਾਰਤ ਦੀ ਆਲੋਚਨਾ ਕਰਨ ਦੀ ਹਿੰਮਤ ਹੈ।“
ਜਾਖੜ ਨੇ ਚਿਤਾਵਨੀ ਦਿੱਤੀ ਕਿ ਇਸ ਪੂਰੇ ਘਟਨਾਕ੍ਰਮ ਵਿਚ ਪੰਜਾਬੀ ਅਤੇ ਭਾਰਤੀ ਮੂਕ ਦਰਸ਼ਕ ਨਹੀਂ ਬਣੇ ਰਹਿਣਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਿਹੇ ਪਾਖੰਡਾਂ ਵਿਰੁੱਧ ਦਲੇਰਾਨਾ ਕਾਰਵਾਈ ਕਰਨ ਲਈ ਵਧਾਈ ਦਿੱਤੀ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਸੂਬਾ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਪੰਜਾਬ ਨਾਲ ਜੁੜੇ ਇਸ ਮੁੱਦੇ ’ਤੇ ਭਾਰਤ ਸਰਕਾਰ ਦੀ ਹਮਾਇਤ ਵਿਚ ਅਤੇ ਕੈਨੇਡਾ ਸਰਕਾਰ ਦੀ ਦਖਲਅੰਦਾਜ਼ੀ ਵਿਰੁੱਧ ਇੱਕ ਸੁਰ ਵਿਚ ਬੋਲਣ ਦਾ ਸੱਦਾ ਦਿੱਤਾ। ਹੁਣ ਦੇਖਣਾ ਹੋਵੇਗਾ ਕਿ ਜਾਖੜ ਦੇ ਸੰਦੇਸ਼ ਨਾਲ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇੱਕਜੁੱਟ ਹੁੰਦੀਆਂ ਹਨ ਜਾ ਨਹੀਂ