ਕੈਨੇਡਾ ਅਤੇ ਭਾਰਤ ਸਰਕਾਰ ਵਿਚਾਲੇ ਆਪਸੀ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ ਅਤੇ ਇਸੇ ਦੇ ਚਲਦੇ ਹੁਣ ਭਾਰਤ ਨੇ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ ਪਰ ਕੈਨੇਡਾ ਵਿਚ ਵੀਜ਼ਾ ਕੇਦਰਾਂ ਨੂੰ ਸੰਚਾਲਨ ਕਰਨ ਵਾਲੇ ਬੀ.ਐੱਲ.ਐੱਸ. ਇੰਟਰਨੈਸ਼ਨਲ ਨੇ ਆਪਣੀ ਵੈੱਬਸਾਈਟ’ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਜਾਣਕਾਰੀ ਵਿੱਚ ਦੱਸਿਆ ਗਿਆ ਹੈ ਕਿ ਭਾਰਤੀ ਮਿਸ਼ਨ ਵੱਲੋਂ ਮਹੱਤਵਪੂਰਨ ਸੂਚਨਾ-ਆਪਰੇਸ਼ਨਲ ਕਾਰਨਾਂ ਕਰਕੇ ਭਾਰਤ ਦੀਆਂ ਵੀਜ਼ਾ ਸੇਵਾਵਾਂ 21 ਸਤੰਬਰ, 2023 ਤੋਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ। ਤੁਹਾਨੂੰ ਦੱਸ ਦਈਏ ਕਿ ਭਾਰਤ ਦੇ ਇਕ ਸੀਨੀਅਰ ਡਿਪਲੋਮੈਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਹਾਲਾਂਕਿ ਉਹਨਾਂ ਨੇ ਇਸ ਗੱਲ ਬਾਰੇ ਵਿਸਤਾਰ ਨਾਲ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਨੋਟਿਸ ਵਿਚ ਜਾਰੀ ਗੱਲ ਸਾਫ ਤੌਰ ‘ਤੇ ਕਹੀ ਗਈ ਹੈ। ਕੋਰੋਨਾ ਕਾਲ ਦੇ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਕਿਸੇ ਵੀ ਦੇਸ਼ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਜਾਣਕਾਰੀ ਬੁੱਧਵਾਰ ਦੇਰ ਰਾਤ ਸਾਹਮਣੇ ਆਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਐਡਵਾਇਜ਼ਰੀ ਜਾਰੀ ਕੀਤੀ ਸੀ ਕਿ ਕੈਨੇਡਾ ਜਾਣ ਵਾਲੇ ਲੋਕ ਸਾਵਧਾਨੀ ਵਰਤਣ। ਅਜਿਹੇ ਕਿਸੇ ਇਲਾਕੇ ਵਿਚ ਨਾ ਜਾਣ ਜਿੱਥੇ ਭਾਰਤ ਵਿਰੋਧੀ ਘਟਨਾ ਵਾਪਰੀ ਹੈ ਜਾਂ ਫਿਰ ਅਜਿਹਾ ਕੁਝ ਹੋਣ ਦਾ ਖਦਸ਼ਾ ਹੈ। ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਭਾਰਤ ਅਤੇ ਕਨੇਡਾ ਵਿਚਕਾਰ ਇਹ ਮਤਭੇਦ ਚਲਣਗੇ