ਕੁਝ ਸਮਾਂ ਪਹਿਲਾਂ ਹਰਦੀਪ ਸਿੰਘ ਨਿੱਜਰ ਦੇ ਮੁੱਦੇ ‘ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ‘ਚ ਤਣਾਅ ਪੈਦਾ ਹੋ ਗਏ ਸਨ। ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਖਰਾਬ ਹੋਣ ਮਗਰੋਂ ਭਾਰਤ ਨੇ ਈ-ਵੀਜ਼ਾ ਸਰਵਿਸ ਨੂੰ ਰੋਕ ਦਿੱਤਾ ਸੀ। ਹਾਲਾਂਕਿ ਇਸ ਤੋਂ ਬਾਅਦ 26 ਅਕਤੂਬਰ ਤੋਂ ਭਾਰਤ ਨੇ ਕੁਝ ਵਿਸ਼ੇਸ਼ ਸ਼੍ਰੇਣੀਆਂ ‘ਚ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਗੱਲ ਕੀਤੀ ਸੀ। ਇਨ੍ਹਾਂ ਵਿੱਚ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਸ਼ਾਮਲ ਸਨ। ਪਰ ਹੁਣ ਦੋ ਮਹੀਨਿਆਂ ਬਾਅਦ ਭਾਰਤ ਨੇ ਫਿਰ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ।
ਇਸ ਨਾਲ ਪੰਜਾਬੀ ਮੂਲ ਦੇ ਕੈਨੇਡੀਅਨ ਨਾਗਰਿਕਾਂ ਨੂੰ ਵੱਡੀ ਰਾਹਤ ਮਿਲੀ ਹੈ। ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ੇ ਨਾ ਦੇਣ ਕਰਕੇ ਸਭ ਤੋਂ ਵੱਧ ਅਸਰ ਪੰਜਾਬੀਆਂ ਉਪਰ ਪਿਆ ਸੀ। ਬਹੁਤ ਸਾਰੇ ਕੈਨੇਡੀਅਨ ਨਾਗਰਿਕਾਂ ਦੀ ਜਾਇਦਾਦ ਤੇ ਰਿਸ਼ਤੇਦਾਰੀਆਂ ਪੰਜਾਬ ਅੰਦਰ ਹਨ। ਇਸ ਲਈ ਉਨ੍ਹਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਸੀ। ਪੰਜਾਬ ਦੇ ਸਿਆਸਤਦਾਨਾਂ ਨੇ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਵੀਜ਼ੇ ਸ਼ੁਰੂ ਕੀਤੇ ਜਾਣ। ਪਰ ਹੁਣ ਕੈਨੇਡੀਅਨ ਨਾਗਰਿਕਾਂ ਲਈ ਹਰ ਤਰ੍ਹਾਂ ਦੀਆਂ ਈ-ਵੀਜ਼ਾ ਅਰਜ਼ੀਆਂ ਵਿੱਚ ਢਿੱਲ ਦਿੱਤੀ ਗਈ ਹੈ।