ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।