ਪੰਜਾਬ ‘ਚ ਕਾਨੂੰਨ ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਕਾਨੂੰਨ ਵਿਵਸਥਾਂ ਇਸ ਹੱਦ ਤੱਕ ਵਿਗੜ ਗਈ ਹੈ ਕਿ ਹੁਣ ਲੁੱਟ ਦੀ ਨੀਅਤ ਨਾਲ ਲੁਟੇਰੇ ਸ਼ਰੇਆਮ ਕਤਲ ਕਰ ਰਹੇ ਹਨ। ਹੁਣ ਤਾਜ਼ਾ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਕਾਦੀਆਂ ਤੋਂ ਸਾਹਮਣੇ ਆਇਆ ਹੈ ਜਿੱਥੇ ਲੁੱਟ ਦੀ ਨੀਅਤ ਨਾਲ ਇੱਕ 60 ਸਾਲਾ ਵਿਅਕਤੀ ਬਲਵਿੰਦਰ ਸਿੰਘ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ -ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਅਤੇ ਇਸੇ ਦੌਰਾਨ ਹਸਪਤਾਲ ਲੈ ਜਾਂਦੇ ਸਮੇਂ ਵਿਅਕਤੀ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਪੂਰਾ ਮਾਮਲਾ?
ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ ਅਤੇ ਭਰਾ ਅਮਰਜੀਤ ਸਿੰਘ ਮਹਲਾ ਸੰਤ ਨਗਰ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਜੋ ਕਿ ਬੀਤੀ ਸ਼ਾਮ ਘਰੋਂ ਆਪਣੀ ਭੈਣ ਨੂੰ ਮਹਲਾ ਸੰਤ ਨਗਰ ਵਿੱਚ ਮਿਲਣ ਲਈ ਘਰੋਂ ਗਿਆ ਸੀ ਇਕ ਘੰਟਾ ਬੀਤਣ ਦੇ ਬਾਅਦ ਵੀ ਉਹ ਘਰ ਵਾਪਸ ਨਹੀਂ ਆਇਆ ਤਾਂ ਕੁਝ ਦੇਰ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਅਣਪਛਾਤੇ ਕੁਝ ਵਿਅਕਤੀਆਂ ਨੇ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤਿਆਂ ਨੇ ਉਸਦੀ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਜਦ ਉਸਨੇ ਸਕੂਟਰੀ ਨਹੀਂ ਦਿੱਤੀ ਤਾਂ ਉਹਨਾਂ ਨੇ ਉਸਦੇ ਪੇਟ ਵਿੱਚ ਛੁਰੇ ਮਾਰ ਕੇ ਫਰਾਰ ਹੋ ਗਏ। ਪਰਿਵਾਰ ਨੇ ਦੱਸਿਆ ਕਿ ਜਦੋਂ ਅਸੀਂ ਉਹਨਾਂ ਨੂੰ ਹਸਪਤਾਲ ਲਿਜਾ ਰਹੇ ਸੀ ਤਾਂ ਰਸਤੇ ਵਿੱਚ ਹੀ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਹਨਾਂ ਹਮਲਾਵਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।