ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
ਪਾਈਅਨੁ = ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ। ਗੁਣਤਾਸੁ = ਗੁਣਾਂ ਦਾ ਖ਼ਜ਼ਾਨਾ ਪ੍ਰਭੂ।
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ ਜੀ !!