ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ। ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ। ਪਰ ਇਸ ਦੌਰਾਨ ਖਾਲਿਸਤਾਨ ਸਮਰਥਕ ਆਪਣੀਆਂ ਗਤੀਵਿਧੀਆਂ ਤੋਂ ਬਾਜ ਨਹੀਂ ਆਏ। ਪ੍ਰੋਗਰਾਮ ਦੌਰਾਨ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਖਾਲਿਸਤਾਨੀ ਸਮਰਥਕਾਂ ਨੇ ਘੇਰ ਲਿਆ ਅਤੇ ਧੱਕਾ-ਮੁੱਕੀ ਕੀਤੀ। ਦੱਸ ਦੇਈਏ ਕਿ ਪ੍ਰਕਾਸ਼ ਪੁਰਬ ‘ਤੇ ਹੋਣ ਵਾਲੀ ਅਰਦਾਸ ‘ਚ ਸ਼ਾਮਲ ਹੋਣ ਲਈ ਸੰਧੂ ਗੁਰਦੁਆਰੇ ਪਹੁੰਚੇ ਸਨ।
ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਅਤੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਸ਼ ਰਚਣ ਦਾ ਇਲਜ਼ਾਮ ਲਗਾਇਆ। ਵੀਡੀਉ ਦੀ ਸ਼ੁਰੂਆਤ ‘ਚ ਇਕ ਪ੍ਰਦਰਸ਼ਨਕਾਰੀ ਪੰਜਾਬੀ ਭਾਸ਼ਾ ਵਿਚ ਬੋਲਦਾ ਸੁਣਿਆ ਜਾਂਦਾ ਹੈ, “ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਤੁਸੀਂ ਜ਼ਿੰਮੇਵਾਰ ਹੋ, ਤੁਸੀਂ ਪੰਨੂੰ ਦੇ ਕਤਲ ਦੀ ਸਾਜ਼ਸ਼ ਰਚੀ” ਵੀਡੀਉ ‘ਚ ਹੋਰ ਲੋਕ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਪ੍ਰਦਰਸ਼ਨਕਾਰੀ ਭਾਰਤੀ ਰਾਜਦੂਤ ਸੰਧੂ ਨੂੰ ਪੁੱਛ ਰਹੇ ਹਨ, “ਤੁਸੀਂ ਜਵਾਬ ਕਿਉਂ ਨਹੀਂ ਦਿੰਦੇ?”
ਜਿਕਰਯੋਗ ਹੈ ਕਿ ਕੈਨੇਡਾ, ਬਰਤਾਨੀਆ, ਆਸਟ੍ਰੇਲੀਆ ਅਤੇ ਅਮਰੀਕਾ ਸਮੇਤ ਕਈ ਇਲਾਕਿਆਂ ਵਿਚ ਖਾਲਿਸਤਾਨੀ ਸਮਰਥਕਾਂ ਵਲੋਂ ਹਿੰਸਾ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਪਹਿਲਾਂ ਖਾਲਿਸਤਾਨੀਆਂ ਨੇ ਜੁਲਾਈ ਵਿੱਚ ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਨੂੰ ਅੱਗ ਲਗਾ ਦਿੱਤੀ ਸੀ। ਭਾਰਤ ਨੇ ਅਮਰੀਕੀ ਅਧਿਕਾਰੀਆਂ ਨੂੰ ਇਸ ਮਾਮਲੇ ਦੇ ਸਬੰਧ ‘ਚ ਸਬੂਤ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸਤੰਬਰ ਵਿੱਚ, ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੂੰ ਸਕਾਟਲੈਂਡ ਦੇ ਗਲਾਸਗੋ ਵਿੱਚ ਇੱਕ ਗੁਰਦੁਆਰੇ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਸੀ।