ਅਮਰਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇਸਦੇ ਚੱਲਦੇ ਮੁਹਾਲੀ ਅਦਾਲਤ ਨੇ ਗੱਜਣਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ।
ਵਿਧਾਇਕ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਈਡੀ ਨੇ ਗੱਜਣਮਾਜਰਾ ਨੂੰ ਉਸ ਦੇ ਮਾਲੇਰਕੋਟਲਾ ਦਫ਼ਤਰ ਤੋਂ 6 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ।
ਦੱਸਣਯੋਗ ਹੈ ਕਿ ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ ‘ਚ ਆਏ ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇੱਕ ਰੁਪਏ ਦੀ ਤਨਖ਼ਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ।