ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਦੇ ਇੰਟਰਵਿਊ ਮਾਮਲੇ ‘ਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਵੇਗੀ। ਹਾਈ ਕੋਰਟ ਨੇ ਸੂਓ ਮੋਟੋ ਆਧਾਰ ‘ਤੇ ਸੁਣਵਾਈ ਸ਼ੁਰੂ ਕੀਤੀ ਹੈ। 18 ਦਿਨ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ SITਟੀਮ ਦੀ ਜਾਂਚ ਕਿਥੇ ਤੱਕ ਪਹੁੰਚੀ ਹੈ? ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਤੇ ਮਾਮਲਾ ਅਜੇ ਵਿਚਾਰ ਅਧੀਨ ਹੈ।
ਇਸ ਉਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਉਤੇ ਅਸੰਤੁਸ਼ਟੀ ਪ੍ਰਗਟਾਈ। ਇਸ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਇਹ ਇੰਨਾ ਗੰਭੀਰ ਮਾਮਲਾ ਹੋਣ ਦੇ ਬਾਵਜੂਦ 7 ਮਹੀਨਿਆਂ ‘ਚ ਵੀ ਜਾਂਚ ਪੂਰੀ ਨਹੀਂ ਕੀਤੀ ਗਈ। ਅਜਿਹੇ ਵਿੱਚ ਹਾਈ ਕੋਰਟ ਨੇ ਏਡੀਜੀਪੀ ਜੇਲ੍ਹ ਨੂੰ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਕੀ ਹੈ ਮਾਮਲਾ?
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਨੇ ਇੱਕ ਨਿਜੀ ਚੈਨਲ ‘ਤੇ ਇੰਟਰਵਿਊ ਦਿੱਤਾ ਸੀ. ਲਾਰੈਂਸ ਦੇ ਇਸ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਲਾਰੈਂਸ ਦਾ ਦੂਜਾ ਇੰਟਰਵਿਊ ਵੀ ਇਸੇ ਚੈਨਲ ‘ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ। ਹਾਲ ਹੀ ਵਿੱਚ ਗੋਇੰਦਵਾਲ ਜੇਲ੍ਹ ਅਤੇ ਹੁਣ ਲਾਰੈਂਸ ਪਾਰਟ-1 ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਦੀ ਵਾਗਡੋਰ ਸੰਭਾਲ ਲਈ ਸੀ।