ਜਲੰਧਰ ਡੀਸੀ ਦਫ਼ਤਰ ਦੇ ਮੁਲਾਜ਼ਮ ਪਿਛਲੇ 17 ਦਿਨਾਂ ਤੋਂ ਹੜਤਾਲ ’ਤੇ ਹਨ ਤੇ ਹੁਣ ਮੁਲਾਜ਼ਮ ਯੂਨੀਅਨ ਨੇ ਹੜਤਾਲ ਦਾ ਸਮਾਂ 6 ਦਸੰਬਰ ਤੱਕ ਵਧਾ ਦਿੱਤਾ ਹੈ। ਇਹ ਹੜਤਾਲ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਵਿੱਚ 42 ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ। ਹੜਤਾਲ ਵਿੱਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਲੋਕ ਸ਼ਾਮਲ ਹੋਏ। ਇਸ ਦੇ ਨਾਲ ਹੀ 42 ਵਿਭਾਗਾਂ ਵਿੱਚੋਂ ਸਭ ਤੋਂ ਅਹਿਮ ਵਿਭਾਗ ਰਜਿਸਟਰੀਆਂ ਦਾ ਹੈ। ਕਰੀਬ 17 ਦਿਨਾਂ ਤੋਂ ਸ਼ਹਿਰ ਵਿੱਚ ਇੱਕ ਵੀ ਰਜਿਸਟਰੀ ਨਹੀਂ ਹੋਈ ਹੈ।
ਦੱਸ ਦਈਏ ਕਿ ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਆਮ ਲੋਕਾਂ ਨੂੰ ਪਿਛਲੇ 17 ਦਿਨਾਂ ਤੋਂ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।