ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਦੂਜਾ ਦਿਨ ਸੀ। ਅੱਜ ਦੀ ਕਾਰਵਾਈ ਦੌਰਾਨ ਚਾਰ ਬਿੱਲ ਟਰਾਂਸਫਰ ਆਫ਼ ਪ੍ਰਾਪਰਟੀ ਪੰਜਾਬ ਸੋਧ ਬਿੱਲ, ਰਜਿਸਟਰੇਸ਼ਨ ਪੰਜਾਬ ਸੋਧ ਬਿੱਲ, ਇੰਡੀਅਨ ਸਟੈਂਪ ਪੰਜਾਬ ਸੋਧ ਬਿੱਲ ਅਤੇ ਪੰਜਾਬ ਕੈਨਾਲ ਅਤੇ ਡਰੇਨੇਜ਼ ਬਿੱਲ ਨੂੰ ਪਾਸ ਕੀਤਾ ਗਿਆ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਸਰਕਾਰ ਵਿਰੁਧ ਨਾਅਰੇਬਾਜ਼ੀ ਕਰਦੇ ਹੋਏ ਸਦਨ ’ਚੋਂ ਵਾਕਆਊਟ ਕਰ ਗਏ। ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਵੀ ਸਦਨ ਛੱਡ ਕੇ ਚਲੇ ਗਏ। ਜਿਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿਤਾ ਗਿਆ
ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਵਿਧਾਨ ਸਭਾ ਦੇ ਸਪੀਕਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਪਰਗਟ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ, “ਅੱਜ ਵਿਧਾਨ ਸਭਾ ਵਿੱਚ ਜਿਸ ਤਰ੍ਹਾਂ ਹੀ ਸਿੱਖਿਆ ਮੰਤਰੀ ਦਾ ਨਾਮ ਲੈ ਕੇ ਆਪਣੀ ਗੱਲ ਰੱਖਣ ਲੱਗਿਆ, ਸਪੀਕਰ ਵੱਲੋਂ ਰੋਕ ਦਿੱਤਾ ਗਿਆ ਤੇ ਮਾਈਕ ਵੀ ਬੰਦ ਕਰ ਦਿੱਤਾ ਗਿਆ। ਪੰਜਾਬ ਵਿੱਚ ਹਜ਼ਾਰਾਂ ਕੰਪਿਊਟਰ ਅਧਿਆਪਕ, PTI, ਖੇਤੀਬਾੜੀ ਅਧਿਆਪਕ, ETT ਅਤੇ ਕੱਚੇ ਅਧਿਆਪਕ ਸੜਕਾਂ ਤੇ ਪ੍ਰਦਰਸ਼ਨ ਕਰ ਰਹੇ ਹਨ, ਜਿੰਨਾਂ ਦੀ ਅੱਜ ਗੱਲ ਰੱਖਣੀ ਸੀ। ਸਿੱਖਿਆ ਦੇ ਝੂਠੇ ਵਾਅਦਿਆਂ ਤੇ ਘਿਰ ਰਹੀ ਸਰਕਾਰ ਲੋਕਤੰਤਰ ਵਿੱਚ ਅਧਿਆਪਕਾਂ ਦੇ ਪ੍ਰਦਰਸ਼ਨਾਂ ਦੀ ਆਵਾਜ਼ ਸੁਣਨ ਨੂੰ ਤਿਆਰ ਨਹੀਂ।