ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਵਿਖੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਦੇ ਮਾਮਲੇ ਵਿੱਚ ਅੱਜ ਪ੍ਰੈਸ ਕਾਨਫਰੰਸ ਕਰ ਸਰਕਾਰ ਨੂੰ ਘੇਰਿਆ ਹੈ। ਇਸ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ SIT ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨਾਂ ਨੇ ਇਸ ਮਾਮਲੇ ‘ਚ ਆਪਣੇ ਹੀ ਵਿਅਕਤੀਆਂ ਨੂੰ SIT .ਵਿੱਚ ਸ਼ਾਮਲ ਕਰਨ ਦੇ ਦੋਸ਼ ਲਾਏ ਹਨ।
ਇਸ ਦੌਰਾਨ ਪੁਲੀਸ ਵੱਲੋਂ FIR ਵਿੱਚ ਦਰਜ ਵਿਅਕਤੀਆਂ ਦੇ ਨਾਵਾਂ ਬਾਰੇ ਗੱਲ ਕਰਦੇ ਕਿਹਾ ਗਿਆ ਕਿ ਇਸ ਘਟਨਾ ਨੂੰ ਲੈ ਕੇ ਇੱਕ ਅਜਿਹੇ ਵਿਅਕਤੀ ਦਾ ਨਾਂ ਸ਼ਾਮਲ ਕੀਤਾ ਗਿਆ ਹੈ ਜੋ ਘਟਨਾ ਸਮੇਂ ਉਥੇ ਮੌਜੂਦ ਨਹੀਂ ਸੀ। ਪਰ ਫਿਰ ਵੀ ਪੁਲੀਸ ਨੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਜੀਠੀਆ ਨੇ ਦੱਸਿਆ ਕਿ ਉਕਤ ਪਰਿਵਾਰ ਦੇ ਮੈਂਬਰ 21 ਤਰੀਕ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਗਏ ਸਨ ਪਰ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕੇਸ ਦੇ ਗਵਾਹ ਵੀ ਪਿੰਡ ਦੇ ਹੀ ਵਸਨੀਕ ਹਨ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਸਜ਼ਾ ਭੁਗਤਣੀ ਪੈ ਰਹੀ ਹੈ ਕਿ ਉਨ੍ਹਾਂ ਦਾ ਬੇਟਾ ਬਾਣੇ ‘ਚ ਰਹਿੰਦਾ ਹੈ। ਦੋਸ਼ ਹੈ ਕਿ ਇਸੇ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਮਜੀਠੀਆ ਨੇ ਕਿਹਾ ਕਿ ਉਕਤ ਪਰਿਵਾਰ ਉਸ ਸਮੇਂ ਘਟਨਾ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਸਬੰਧ ਸੀ। ਉਨਾਂ ਨੇ ਕਿਹਾ ਕਿ ਉਸ ਦਾ ਕੋਈ ਕ੍ਰਿਮੀਨਲ ਰਿਕਾਰਡ ਨਹੀਂ ਹੈ।
ਦੂਜੇ ਪਾਸੇ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕਪੂਰਥਲਾ ਦੀ ਸੁਲਤਾਨਪੁਰ ਲੋਧੀ ਗੁਰਦੁਆਰਾ ਗੋਲੀ ਕਾਂਡ ਮਾਮਲੇ ‘ਚ ਹੋਮਗਾਰਡ ਜਵਾਨ ਦੀ ਹੱਤਿਆ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸਿਆ ਨਹੀਂ ਜਾਵੇਗਾ । ਜੇਕਰ ਕਿਸੇ ਨੂੰ ਇਹ ਭੁਲੇਖਾ ਹੈ ਕਿ ਉਸ ਦੇ ਉੱਚੇ ਰੁਤਬੇ ਕਾਰਨ ਉਹ ਸਜ਼ਾ ਭੁਗਤਣ ਤੋਂ ਬਚ ਜਾਵੇ ,ਤਾਂ ਉਸ ਨੂੰ ਇਹ ਭੁਲੇਖਾ ਆਪਣੇ ਮਨ ਵਿੱਚੋਂ ਕੱਢ ਦੇਣਾ ਚਾਹੀਦਾ ਹੈ।
ਐਸਐਸਪੀ ਵਤਸਲਾ ਗੁਪਤਾ ਦੀ ਨਿਗਰਾਨੀ ਹੇਠ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਅਤੇ ਐਸਟੀਓ ਸੁਲਤਾਨਪੁਰ ਲੋਧੀ ਸਥਿਤ ਐਸਆਈਟੀ ਪੂਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਸੌਂਪੇਗੀ। ਸਬੂਤਾਂ ਦੇ ਆਧਾਰ ‘ਤੇ ਜਾਂਚ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ। ਪੁਲੀਸ ਵੱਲੋਂ ਗੋਲੀ ਚਲਾਉਣ ਦੇ ਵਾਰ-ਵਾਰ ਉਠਾਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਪੁਲੀਸ ਨੇ ਕੋਈ ਗੋਲੀ ਨਹੀਂ ਚਲਾਈ। ਜੇਕਰ ਪੁਲਿਸ ਨੇ ਗੋਲੀ ਚਲਾਈ ਹੁੰਦੀ ਤਾਂ ਹੋਰ ਤਰੀਕਿਆਂ ਨਾਲ ਵੀ ਨੁਕਸਾਨ ਹੋ ਸਕਦਾ ਸੀ।