ਅੰਮ੍ਰਿਤਸਰ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਇਹ ਮੁਲਜ਼ਮ ਬਦਮਾਸ਼ ਜੱਗੂ ਭਗਵਾਨਪੁਰੀਆ ਦੇ ਕਹਿਣ ‘ਤੇ ਕੰਮ ਕਰਦਾ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 10 32 ਬੋਰ ਦਾ ਪਿਸਤੌਲ, ਇੱਕ ਬੈਕਪੈਕ ਅਤੇ ਪਲੈਟੀਨਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸੀ ਵਾਸੀ ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਸਰ ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਨੂੰ ਮੱਧ ਪ੍ਰਦੇਸ਼ ਤੋਂ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਬਾਰੇ ਸੂਹ ਮਿਲੀ ਸੀ। ਜਿਸ ਤੋਂ ਬਾਅਦ ADGP ਸਿਟੀ 3 ਅਭਿਮਨਿਊ ਰਾਣਾ ਦੀ ਅਗਵਾਈ ਵਿੱਚ ਥਾਣਾ ਮਕਬੂਲਪੁਰਾ ਦੀ ਪੁਲਿਸ ਟੀਮ ਨੇ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ।
ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ਹਵਾਲਾ ਰਾਹੀਂ ਪੈਸੇ ਲੈ ਰਹੇ ਸਨ। ਇੰਨਾ ਹੀ ਨਹੀਂ ਇਹ ਗੈਂਗ ਆਉਣ ਵਾਲੇ ਸਮੇਂ ‘ਚ ਟਾਰਗੇਟ ਕਿਲਿੰਗ ਲਈ ਵੀ ਤਿਆਰ ਸੀ। ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਮੁਲਜ਼ਮ ਜੱਸੀ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25 (8) 54/59 ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਇਸ ਤੋਂ ਪਹਿਲਾਂ ਵੀ ਮੁਲਜ਼ਮ ਖ਼ਿਲਾਫ਼ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ 3 ਕੇਸ ਦਰਜ ਹਨ।