ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹੁਸ਼ਿਆਰਪੁਰ ਵਾਸੀ ਪਰਵਿੰਦਰ ਸਿੰਘ ਕਿਟਾਣਾ ਨੇ ਇਸ ਸਕੀਮ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਉਕਤ ਯਾਤਰਾ ਰਾਹੀਂ ਆਮ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ। ਇਸ ਯਾਤਰਾ ਦਾ ਸੂਬੇ ਨੂੰ ਕਿਸੇ ਵੀ ਤਰ੍ਹਾਂ ਨਾਲ ਫਾਇਦਾ ਨਹੀਂ ਹੋ ਰਿਹਾ। ਇਸ ਸਭ ਤੋਂ ਬਾਅਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 12 ਦਸੰਬਰ ਤੱਕ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 27 ਨਵੰਬਰ ਨੂੰ ਗੁਰੂਪੁਰਬ ਦੇ ਮੌਕੇ ‘ਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਕਿਹਾ ਗਿਆ ਸੀ ਕਿ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਆਰਥਿਕ ਪੱਖੋਂ ਕਮਜ਼ੋਰ ਬਜ਼ੁਰਗਾਂ ਨੂੰ ਦੇਸ਼ ਭਰ ਦੇ ਤੀਰਥ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਯਾਤਰਾ ‘ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ ‘ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਸੀ ਕਿ ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਹੋਵੇਗਾ।
ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ।