ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਰੋਕਣ ਲਈ ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਅੱਜ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਹੁੰਚੇ ਸਨ ਉਸ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਸਾਲ 2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਤਾਰੀਖ ਮਿਥੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਦੇ ਆਧਾਰ ‘ਤੇ ਹੀ ਰਾਸ਼ਟਰਪਤੀ ਵੱਲੋਂ ਰੋਕ ਲਾਈ ਗਈ ਸੀ ਪਰ ਇਹ ਪਟੀਸ਼ਨ 12 ਸਾਲਾਂ ਤੋਂ ਲਟਕੀ ਹੋਣ ਤੋਂ ਖ਼ਫਾ ਰਾਜੋਆਣਾ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਸੀ ਕਿ ਉਹ ਹੁਕਮ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਉਸ ਦੀ ਇਹ ਪਟੀਸ਼ਨ ਵਾਪਸ ਕਰਵਾਉਣ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।