ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿੱਚ PM ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। PMO ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਵਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਇਸ ਮੁਲਾਕਾਤ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਦੀ ਜਿੱਤ ਲਈ PM ਮੋਦੀ ਨੂੰ ਵਧਾਈ ਦਿੱਤੀ।
ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਪਿਛਲੇ ਕਾਫ਼ੀ ਸਮੇਂ ਤੋਂ ਤਣਾਅ ਚੱਲ ਰਿਹਾ ਹੈ। ਮਾਮਲਾ ਇੰਨਾ ਵੱਧ ਗਿਆ ਕਿ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਜਿਸਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਤਾਲਮੇਲ ਰੱਖਣ ਅਤੇ ਬਿੱਲਾਂ ਤੇ ਫੈਸਲਾ ਲੈਣ ਦੀ ਗੱਲ ਕਹੀ |