ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਰੋਕਣ ਲਈ ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਅੱਜ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਪਹੁੰਚੇ ਸਨ ਉਸ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦੀ ਇਹ ਤਾਨਾਸ਼ਾਹ ਕਰਵਾਈ ਭਗਵੰਤ ਮਾਨ ਦੇ ਸਿੱਖ ਵਿਰੋਧੀ ਚਿਹਰੇ ਨੂੰ ਵੀ ਪੂਰੀ ਤਰ੍ਹਾਂ ਨੰਗਾ ਕਰਦੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਤਾਨਾਸ਼ਾਹ ਸਰਕਾਰ ਦੀਆਂ ਕੋਝੀਆਂ ਚਾਲਾਂ ਅੱਗੇ ਝੁਕਣ ਵਾਲਾ ਨਹੀਂ, ਅਸੀਂ ਆਪਣੇ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ਲੜਦੇ ਰਹੇ ਹਾਂ ਅਤੇ ਇਨਸਾਫ਼ ਮਿਲਣ ਤੱਕ ਹਰ ਹਾਲ ਲੜਦੇ ਰਹਾਂਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਵੀ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਉਹ ਭੁੱਖ ਹੜ੍ਹਤਾਲ ਕਰਨ ਦਾ ਆਪਣਾ ਫੈਸਲਾ ਵਾਪਿਸ ਲੈਣ ਕਿਉਂਕਿ ਉਹਨਾਂ ਦੇ ਇਸ ਫੈਸਲੇ ਕਾਰਨ ਸਿੱਖ ਸੰਗਤ ਬਹੁਤ ਚਿੰਤਤ ਹੈ। ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਸਾਰੇ ਉਹਨਾਂ ਦੇ ਕੇਸ ਦੀ ਪੂਰੀ ਦ੍ਰਿੜ੍ਹਤਾ ਨਾਲ ਪੈਰਵਾਈ ਕਰ ਰਹੇ ਹਾਂ, ਸੋ ਉਹਨਾਂ ਵੱਲੋਂ ਅਜਿਹਾ ਕਦਮ ਨਾ ਚੁੱਕਿਆ ਜਾਵੇ।
ਜ਼ਿਕਰਯੋਗ ਹੈ ਕਿ ਸਾਲ 2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਤਾਰੀਖ ਮਿਥੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਦੇ ਆਧਾਰ ‘ਤੇ ਹੀ ਰਾਸ਼ਟਰਪਤੀ ਵੱਲੋਂ ਰੋਕ ਲਾਈ ਗਈ ਸੀ ਪਰ ਇਹ ਪਟੀਸ਼ਨ 12 ਸਾਲਾਂ ਤੋਂ ਲਟਕੀ ਹੋਣ ਤੋਂ ਖ਼ਫਾ ਰਾਜੋਆਣਾ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਸੀ ਕਿ ਉਹ ਹੁਕਮ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਉਸ ਦੀ ਇਹ ਪਟੀਸ਼ਨ ਵਾਪਸ ਕਰਵਾਉਣ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।