ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਰ ਰੋਜ਼ ਦੀ ਤਰ੍ਹਾਂ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਉਹਨਾਂ ਕੋਲ ਖਾਣਾ ਲੈ ਕੇ ਪਹੁੰਚਿਆ ਤਾਂ ਉਨ੍ਹਾਂ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਬਲਵੰਤ ਸਿੰਘ ਦੇ ਭੁੱਖ ਹੜਤਾਲ ’ਤੇ ਚਲੇ ਜਾਣ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਭੈਣ ਤੋਂ ਇਲਾਵਾ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।
ਬਲਵੰਤ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਪਟੀਸ਼ਨ ‘ਤੇ ਕੇਂਦਰ ਵੱਲੋਂ ਕੋਈ ਜਵਾਬ ਨਾ ਮਿਲਣ ‘ਤੇ ਉਨ੍ਹਾਂ ਨੇ ਰੋਸ ਪ੍ਰਗਟਾਇਆ ਹੈ ਉਸ ਦੀ ਮੰਗ ਹੈ ਕਿ 12 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਸ਼੍ਰੋਮਣੀ ਕਮੇਟੀ ਵਾਪਸ ਲਵੇ। ਇਸਦੇ ਨਾਲ ਹੀ ਦੱਸ ਦਈਏ ਹੁਣ ਇਸ ਵਿਚਾਲੇ ਕੱਲ੍ਹ ਪੰਜ ਤਖ਼ਤਾ ਦੇ ਜਥੇਦਾਰਾਂ ਦੀ ਇਕੱਤਰਤਾ ਸੱਦੀ ਗਈ ਹੈ.
ਜ਼ਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੌਸ਼ਨੀ ਵਿਚ ਲਿਖਿਆ ਸੀ। ਇਸ ਪੱਤਰ ਵਿਚ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫ਼ੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।