ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਦੂਜਾ ਦਿਨ ਹੈ। ਰਾਜੋਆਣਾ ਦੀ ਭੁੱਖ ਹੜਤਾਲ ਨੂੰ ਦੇਖਦੇ ਹੋਏ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਮਰਜੈਂਸੀ ਬੈਠਕ ਸੱਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ ਆਏ ਇਸ ਮੀਟਿੰਗ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਜਥੇਦਾਰ ਰਘਬੀਰ ਸਿੰਘ ਵੱਲੋਂ ਸੱਦੀ ਇਸ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਸ਼ੁਰੂ ਕਰਨ ‘ਤੇ ਚਰਚਾ ਕੀਤੀ ਜਾਵੇਗੀ। ਕਿਉਂਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਆਪ ਕੇਸ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਸੀ। ਇਸ ਲਈ ਹੁਣ ਮੰਥਨ ਕਰਨ ਦੇ ਲਈ ਪੰਜਾਂ ਤਖ਼ਤਾਂ ਦੇ ਜਥੇਦਾਰ ਇਕੱਠੇ ਹੋ ਰਹੇ ਹਨ।
ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਬੀਤੇ ਦਿਨੀਂ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।