ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤਾਂ ਮਗਰੋਂ ਅੱਜ ਪੰਜਾਬ ਭਰ ਵਿੱਚ ਪੁਲਿਸ ਅਲਰਟ ਮੋਡ ‘ਤੇ ਨਜ਼ਰ ਆਈ। ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਪ੍ਰੇਸ਼ਨ ਸੀਲ-4 ਤਹਿਤ ਪੰਜਾਬ ਭਰ ‘ਚ ਪੁਲਿਸ ਵੱਲੋਂ ਇੰਟਰ ਸਟੇਟ ਨਾਕੇ ਲਾਏ ਗਏ। ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਦਰਅਸਲ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਖਿਲਾਫ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ ਸਨ। ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ ਸੀ।
ਮੁੱਖ ਮੰਤਰੀ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਡਿਊਟੀ ਨਿਭਾਉਂਦੇ ਸਮੇਂ ਪੰਜਾਬ ਪੁਲਿਸ ਨੂੰ ਆਪਣਾ ਸ਼ਾਨਦਾਰ ਰਿਕਾਰਡ ਹਰ-ਹਾਲ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਉਤੇ ਪਹਿਰਾ ਦੇਣਾ ਪੁਲਿਸ ਅਫਸਰਾਂ ਦੀ ਸਭ ਤੋਂ ਵੱਧ ਤਰਜੀਹ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।