ਪੰਜਾਬ ‘ਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਨਸ਼ੇ ਨੂੰ ਲੈ ਕੇ ਚਿੰਤਾ ਵਿੱਚ ਹੈ। ਅਜਿਹੇ ਵਿੱਚ ਸਰਕਾਰ ਤਾਂ ਦਾਅਵੇ ਕਰਦੀ ਹੈ ਕਿ ਨਸ਼ਾ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਰ ਇੱਕ ਵੀਡੀਓ ਨੇ ਇਹਨਾਂ ਸਾਰੇ ਦਾਆਵਿਆਂ ਦੀ ਫੂਕ ਕੱਢ ਦਿੱਤੀ ਹੈ
ਹੁਣ ਇਸ ਸਭ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਆਪਣੇ ਟਵੀਟਰ ਹੈਂਡਲ (X) ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿੱਚ ਇੱਕ ਲੜਕੀ ਚਿੱਟੇ ਦੇ ਨਸ਼ੇ ਵਿੱਚ ਹੈ ਅਤੇ ਉਸ ਨੂੰ ਕੋਈ ਹੋਸ਼ ਨਹੀਂ ਹੈ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਦੇਖੋ।
ਵੀਡੀਓ ਵਾਇਰਲ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ। ਜਿਸ ਤੋਂ ਬਾਅਦ ਪੁਲਸ ਨੇ ਇਸ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ – ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾਈ। ਲੜਕੀ ਮਾਨਸਿਕ ਅਤੇ ਸਰੀਰਕ ਤੌਰ ‘ਤੇ ਜ਼ਖਮੀ ਹਾਲਤ ‘ਚ ਮਿਲੀ।