ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਅੱਜ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਏਗੀ। ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਇਹ ਫ਼ੈਸਲਾ ਕਰੇਗੀ ਕਿ ਕੀ ਕੇਂਦਰ ਦੇ 5 ਅਗਸਤ, 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਦੇ ਉਪਬੰਧਾਂ ਨੂੰ ਰੱਦ ਕਰਨ ਦਾ ਫ਼ੈਸਲਾ ਜੋ ਕੀਤਾ ਸੀ ਉਹ ਸੰਵਿਧਾਨਕ ਤੌਰ ‘ਤੇ ਜਾਇਜ਼ ਹੈ ਜਾਂ ਨਹੀਂ । ਸੁਪਰੀਮ ਕੋਰਟ ਦੇ ਫੈਸਲੇ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਅਗਸਤ ਵਿੱਚ ਸ਼ੁਰੂ ਹੋਈ 16 ਦਿਨਾਂ ਦੀ ਮੈਰਾਥਨ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਤੁਹਾਨੂੰ ਦੱਸ ਦੇਈਏ ਕਿ ਕਪਿਲ ਸਿੱਬਲ, ਗੋਪਾਲ ਸੁਬਰਾਮਨੀਅਮ, ਰਾਜੀਵ ਧਵਨ, ਜ਼ਫਰ ਸ਼ਾਹ ਅਤੇ ਦੁਸ਼ਯੰਤ ਦਵੇ ਸਮੇਤ ਸੀਨੀਅਰ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨਕਰਤਾਵਾਂ ਦੀ ਨੁਮਾਇੰਦਗੀ ਕੀਤੀ। ਇਸ ਮਾਮਲੇ ਦੀ ਸੁਣਵਾਈ 2 ਅਗਸਤ ਨੂੰ ਸ਼ੁਰੂ ਹੋਈ ਸੀ।
ਦੱਸਣਯੋਗ ਹੈ ਕਿ 5 ਅਗਸਤ, 2019 ਨੂੰ, ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ, ਜਿਸ ਨੇ ਜੰਮੂ ਅਤੇ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ, ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ – ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਵਿੱਚ ਵੰਡ ਦਿੱਤਾ ਸੀ।